ਹਲਕਾ ਸੁਲਤਾਨਪੁਰ ਲੋਧੀ ''ਚ ਭਾਰੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ

08/24/2017 3:43:26 AM

ਸੁਲਤਾਨਪੁਰ ਲੋਧੀ,   (ਸੋਢੀ)- ਡੇਰਾ ਸਿਰਸਾ ਮੁਖੀ ਸਬੰਧੀ 25 ਅਗਸਤ ਨੂੰ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਤੋਂ ਪਹਿਲਾਂ ਹੀ ਹਲਕਾ ਸੁਲਤਾਨਪੁਰ ਲੋਧੀ 'ਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸੰਦੀਪ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਇਥੇ ਪੂਰੀ ਰਾਤ ਪੁਲਸ ਵੱਲੋਂ ਸ਼ਹਿਰ ਨਾਲ ਜੁੜਦੀਆਂ ਸਾਰੀਆਂ ਸੜਕਾਂ 'ਤੇ ਸਖਤ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। 
ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਦੀ ਅਗਵਾਈ ਹੇਠ ਪੁਲਸ ਦੇ 200 ਦੇ ਕਰੀਬ ਮੁਲਾਜ਼ਮ ਰੇਲ ਕੋਚ ਫੈਕਟਰੀ ਹੁਸੈਨਪੁਰ ਦੇ ਸਾਰੇ ਮੁੱਖ ਗੇਟਾਂ 'ਤੇ ਤਾਇਨਾਤ ਕੀਤੇ ਗਏ ਹਨ ਤੇ ਥਾਣਾ ਸੁਲਤਾਨਪੁਰ ਲੋਧੀ ਦੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ 'ਚ ਬੀਤੀ ਰਾਤ ਪੁਲਸ ਪਾਰਟੀਆਂ ਵੱਲੋਂ ਤਲਵੰਡੀ ਪੁਲਸ ਸੁਲਤਾਨਪੁਰ ਲੋਧੀ ਤੇ ਸ਼ਹੀਦ ਊਧਮ ਸਿੰਘ ਚੌਕ, ਲੋਹੀਆਂ ਰੋਡ ਆਦਿ ਸੜਕਾਂ 'ਤੇ ਨਾਕਾਬੰਦੀ ਕਰ ਕੇ ਗੱਡੀਆਂ ਦੀ ਤਲਾਸ਼ੀ ਲਈ ਗਈ। ਪੰਜਾਬ ਸਰਕਾਰ ਵੱਲੋਂ 25 ਅਗਸਤ ਨੂੰ ਆਉਣ ਵਾਲੇ ਫੈਸਲੇ ਸਬੰਧੀ ਕਿਸੇ ਤਰ੍ਹਾਂ ਦੇ ਗੰਭੀਰ ਹਾਲਾਤ ਪੈਦਾ ਹੋਣ ਦੀ ਸਥਿਤੀ ਦੇ ਮੱਦੇਨਜ਼ਰ ਸਿਵਲ ਤੇ ਪੁਲਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। 
ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਤੇ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀਆਂ ਸੂਚੀਆਂ ਵੀ ਪੁਲਸ ਪ੍ਰਸ਼ਾਸਨ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਮਾਹੌਲ ਖਰਾਬ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।


Related News