ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਇਸ ਸਕੀਮ ਤਹਿਤ ਮਿਲੇਗੀ 51,000 ਰੁਪਏ ਦੀ ਵਿੱਤੀ ਸਹਾਇਤਾ
Wednesday, Apr 28, 2021 - 11:38 PM (IST)
ਚੰਡੀਗੜ੍ਹ (ਇੰਟ.)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਹੋਰ ਚੋਣ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਕੈਬਨਿਟ ਨੇ ਅੱਜ ਆਸ਼ੀਰਵਾਦ ਯੋਜਨਾ ਅਧੀਨ ਵਿੱਤੀ ਸਹਾਇਤਾ ਰਾਸ਼ੀ ਪ੍ਰਤੀ ਲਾਭਪਾਤਰੀ 21000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਯੋਜਨਾ ਅਧੀਨ ਸਾਰੇ ਬਕਾਏ ਨਿਪਟਾਉਣ ਦੀ ਹਿਦਾਇਤ ਕੀਤੀ ਹੈ। ਕੈਬਨਿਟ ਮੀਟਿੰਗ ਵਿਚ ਦੱਸਿਆ ਗਿਆ ਕਿ ਇਸ ਯੋਜਨਾ ਅਧੀਨ ਦਸੰਬਰ 2020 ਤੱਕ ਦੀ ਅਦਾਇਗੀ ਪਹਿਲਾਂ ਹੀ ਕਰ ਦਿੱਤੀ ਗਈ ਹੈ। ਇਸ ਦੌਰਾਨ ਪ੍ਰਤੀ ਸਾਲ 60,000 ਲੋਕ ਇਸ ਸਕੀਮ ਦਾ ਫਾਇਦਾ ਲੈ ਸਕਣਗੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇਕ ਟਵੀਟ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।
Happy to share that the Council of Ministers has approved the increase in Aashirwad Scheme from Rs 21,000 to Rs 51,000 to be implemented from 1st July 2021. This money will be transferred directly to bank account of beneficiaries and will benefit over 60,000 persons every year.
— Capt.Amarinder Singh (@capt_amarinder) April 28, 2021
ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਪਿੱਛੋਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਜਨਾ ਅਧੀਨ ਇਹ ਤਾਜ਼ਾ ਵਿਸਤਾਰ 1 ਜੁਲਾਈ 2021 ਤੋਂ ਲਾਗੂ ਹੋਵੇਗਾ। ਮੌਜੂਦਾ ਸਰਕਾਰ ਵਲੋਂ ਸਕੀਮ ਦੀ ਰਾਸ਼ੀ ਵਿਚ ਕੀਤਾ ਗਿਆ ਇਹ ਦੂਜਾ ਵਿਸਤਾਰ ਹੈ, ਜਿਸ ਨੇ ਪਹਿਲਾਂ 2017 ਵਿਚ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸਹਾਇਤਾ ਰਾਸ਼ੀ 15,000 ਰੁਪਏ ਤੋਂ ਵਧਾ ਕੇ 21,000 ਰੁਪਏ ਕੀਤੀ ਸੀ ਅਤੇ ਸ਼ਗੁਨ ਸਕੀਮ ਦਾ ਨਾਂ ਬਦਲ ਕੇ ਅਸ਼ੀਰਵਾਦ ਯੋਜਨਾ ਰੱਖਿਆ ਗਿਆ ਸੀ। ਇਸ ਸਮੇਂ ਮੰਤਰੀ ਮੰਡਲ ਨੇ ਸਮਾਜਿਕ ਨਿਆ, ਸਸ਼ਕਤੀਕਰਣ ਅਤੇ ਘੱਟ ਗਿਣਤੀ ਵਿਭਾਗ ਵਲੋਂ ਲਾਗੂ ਕੀਤੀ ਗਈ ਯੋਜਨਾ ਅਧੀਨ ਆਨਲਾਈਨ ਬੈਂਕਿੰਗ ਮੈਨੇਜਮੈਂਟ ਪ੍ਰਣਾਲੀ ਵਲੋਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਅਦਾਇਗੀ ਕਰਨ ਦਾ ਫੈਸਲਾ ਵੀ ਕੀਤਾ ਸੀ।