ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ

12/08/2022 1:15:57 AM

ਜਲੰਧਰ (ਪਾਲੀ/ਸੁਰਿੰਦਰ)–ਪੰਜਾਬ ’ਚ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅੱਜ ਵੀ ਨਕੋਦਰ ਦੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਮਾਨਸਾ ਪੁਲਸ ਅੱਗੇ ਪੇਸ਼ ਹੋਏ ਬੱਬੂ ਮਾਨ, MCD ’ਤੇ ‘ਆਪ’ ਦਾ ਕਬਜ਼ਾ, ਪੜ੍ਹੋ Top 10

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੀ ਦੁਕਾਨ ’ਤੇ ਰਾਤ 8.30 ਵਜੇ ਦੇ ਲੱਗਭਗ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਗੰਨਮੈਨ ਵੀ ਇਸ ਗੋਲ਼ੀਬਾਰੀ ’ਚ ਜ਼ਖ਼ਮੀ ਹੋ ਗਿਆ। ਜਿਵੇਂ ਹੀ ਗੋਲ਼ੀਆਂ ਚੱਲੀਆਂ ਤਾਂ ਪੂਰੇ ਬਾਜ਼ਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।ਪੁਲਸ ਨੂੰ ਜਦੋਂ ਗੋਲ਼ੀਆਂ ਚੱਲਣ ਦੀ ਸੂਚਨਾ ਮਿਲੀ ਤਾਂ ਆਈ. ਜੀ. ਗੁਰਸ਼ਰਨ ਸਿੰਘ, ਐੱਸ. ਐੱਸ. ਪੀ. ਸਵਰਨਦੀਪ ਸਿੰਘ, ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ ਅਤੇ ਡੀ. ਐੱਸ. ਪੀ. ਹਰਜਿੰਦਰ ਸਿੰਘ ਨਾਲ ਵੱਖ-ਵੱਖ ਥਾਣਿਆਂ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਪੁਲਸ ਨੇ ਮੌਕੇ ’ਤੇ ਕੁਝ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ। ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਇਕ ਤਾਂ ਦਹਿਸ਼ਤ ਪੈਦਾ ਹੋ ਗਈ ਹੈ ਅਤੇ ਉਪਰੋਂ ਪੁਲਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਵੀ ਲੱਗ ਗਿਆ ਕਿ ਗੈਂਗਸਟਰ ਸ਼ਰੇਆਮ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਪੁਲਸ ਦਾਅਵੇ ਕਰ ਰਹੀ ਹੈ ਕਿ ਗੰਨ ਕਲਚਰ ਨੂੰ ਖ਼ਤਮ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਗੈਂਗਸਟਰ ਇੰਦਾ ਨੇ ਕੱਪੜਾ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਪੁਲਸ ਨੇ ਕੱਪੜਾ ਵਪਾਰੀ ਨੂੰ ਗੰਨਮੈਨ ਦਿੱਤਾ ਅਤੇ ਗੈਂਗਸਟਰ ਇੰਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਪਰ ਇਸ ਦੇ ਬਾਵਜੂਦ ਕੱਪੜਾ ਵਪਾਰੀ ਦਾ ਕਤਲ ਹੋ ਗਿਆ।

ਆਸ-ਪਾਸ ਦੇ CCTV ਫੁਟੇਜ ਅਤੇ ਮੋਬਾਇਲ ਡੰਪ ਵੀ ਖੰਗਾਲ ਰਹੀ ਪੁਲਸ

ਇਸ ਘਟਨਾ ਨੂੰ ਲੈ ਕੇ ਪੁਲਸ ਨੇ ਪੂਰੇ ਇਲਾਕੇ ਵਿਚ ਹਾਈ ਅਲਰਟ ਕਰ ਦਿੱਤਾ ਹੈ। ਜਿਸ ਵੀ ਰਸਤੇ ’ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਉਨ੍ਹਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮੋਬਾਇਲ ਡੰਪ ਵੀ ਉਠਾਇਆ ਹੈ, ਜਦਕਿ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਹੈ।


Manoj

This news is Content Editor Manoj