ਅੰਮ੍ਰਿਤਸਰ ਤੋਂ ਵੱਡੀ ਖ਼ਬਰ: 15 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫ਼ਤਾਰ
Thursday, Feb 09, 2023 - 06:25 PM (IST)
ਅੰਮ੍ਰਿਤਸਰ/ਚੰਡੀਗੜ੍ਹ(ਭਾਸ਼ਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਵੀ ਪੜ੍ਹੋ- ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ, BSF ਨੇ 28 ਰਾਊਂਡ ਫ਼ਾਇਰ ਕਰਕੇ ਡਰੋਨ ਨੂੰ ਭੇਜਿਆ ਵਾਪਸ
ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ। ਇਹ ਕਾਰਵਾਈ ਪੰਜਾਬ ਪੁਲਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫ਼ਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ 'ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫ਼ਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਅੱਗੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ
ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐੱਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਮੁਲਜ਼ਮ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸਨ। ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।