ਕੋਲਿਆਂਵਾਲੀ ''ਤੇ ਹੋਏ ਹਮਲੇ ਦੇ ਮਾਮਲੇ ''ਚ ਨਵਾਂ ਮੋੜ, ਜਥੇਦਾਰ ਦਿਆਲ ਸਿੰਘ ਸਣੇ 5 ਨਾਮਜ਼ਦ
Wednesday, Oct 25, 2017 - 12:06 AM (IST)
ਫਰੀਦਕੋਟ (ਬਿਉਰੋ)— ਜ਼ਿਲਾ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਯੂਥ ਅਕਾਲੀ ਆਗੂ 'ਤੇ ਹਮਲੇ ਦੇ ਮਾਮਲੇ 'ਚ ਅੱਜ ਨਵਾਂ ਮੋੜ ਆ ਗਿਆ। ਪੁਲਸ ਵਲੋਂ ਅੱਜ ਇਸ ਮਾਮਲੇ 'ਚ ਕੋਲਿਆਂਵਾਲੀ ਦੀ ਵਿਰੋਧੀ ਧਿਰ ਭਾਵ ਦੂਜੀ ਧਿਰ ਦੇ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹਸਪਤਾਲ 'ਚ ਜ਼ੇਰੇ ਇਲਾਜ ਪਰਮਿੰਦਰ ਸਿੰਘ ਕੋਲਿਆਂਵਾਲੀ, ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਲ-ਨਾਲ ਲਵਜਿੰਦਰ ਸਿੰਘ, ਹਰਦੀਪ ਸਿੰਘ ਤੇ ਪਰਦੀਪ ਸਿੰਘ 'ਤੇ ਧਾਰਾ 307 ਤੇ ਹੋਰ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ ਸੋਮਵਾਰ ਨੂੰ ਪਰਮਿੰਦਰ ਸਿੰਘ ਕੋਲਿਆਂਵਾਲੀ ਦੇ ਬਿਆਨਾਂ ਦੇ ਆਧਾਰ 'ਤੇ ਕਾਂਗਰਸ ਆਗੂ ਦੇ ਪੁੱਤ, ਭਤੀਜੇ ਅਤੇ ਭਾਣਜੇ ਸਮੇਤ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਦੱਸਣਯੋਗ ਹੈ ਕਿ ਬੀਤੇ ਐਤਵਾਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਮਲੋਟ 'ਚ 15 ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕੀਤਾ ਸੀ। ਇਸ ਮੌਕੇ ਚੱਲੀਆਂ ਗੋਲੀਆਂ 'ਚ ਪਰਮਿੰਦਰ ਸਿੰਘ ਕੋਲਿਆਂਵਾਲੀ ਗੰਭੀਰ ਜ਼ਖਮੀ ਹੋਇਆ ਹੈ, ਜਿਸ ਨੂੰ ਕਿ ਬੰਠਿਡਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਪਿੰਡ ਦੇ ਜਿਮ ਤੋਂ ਘਰ ਨੂੰ ਪਰਤ ਰਿਹਾ ਸੀ।
