ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ ਤਿੰਨ ਮੈਂਬਰੀ ਸਿੱਟ ਦਾ ਗਠਨ

Monday, May 30, 2022 - 12:56 AM (IST)

ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ ਤਿੰਨ ਮੈਂਬਰੀ ਸਿੱਟ ਦਾ ਗਠਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਵੀ. ਕੇ. ਭਾਵਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਬਠਿੰਡਾ ਰੇਂਜ ਪਰਦੀਪ ਯਾਦਵ ਨੇ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਹੈ। ਐੱਸ.ਆਈ.ਟੀ. ਮੈਂਬਰਾਂ ’ਚ ਐੱਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

ਸਿੱਧੂ ਮੂਸੇਵਾਲਾ, ਜੋ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਸ਼ਾਮ 4:30 ਵਜੇ ਦੇ ਕਰੀਬ ਆਪਣੇ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸ਼ੁਭਦੀਪ ਸਿੰਘ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ। ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਸਿੱਧੂ ਮੂਸੇਵਾਲਾ ਪਿੰਡ ਜਵਾਹਰ ਕੇ ਪਹੁੰਚਿਆ ਤਾਂ ਉਨ੍ਹਾਂ ਦੇ ਪਿੱਛੇ ਇਕ ਚਿੱਟੇ ਰੰਗ ਦੀ ਕੋਰੋਲਾ ਗੱਡੀ ਆਈ ਅਤੇ ਉਨ੍ਹਾਂ ਨੂੰ ਸਾਹਮਣੇ ਤੋਂ ਦੋ ਕਾਰਾਂ ਇਕ ਚਿੱਟੇ ਰੰਗ ਦੀ ਬੋਲੈਰੋ ਅਤੇ ਇਕ ਡਾਰਕ ਗ੍ਰੇਅ ਸਕਾਰਪੀਓ ਨੇ ਘੇਰ ਲਿਆ।

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗੀਤ

ਉਨ੍ਹਾਂ ਕਿਹਾ “ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋਸਤਾਂ ’ਤੇ ਸਾਹਮਣੇ ਤੋਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਵਿਚ ਸਾਰੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।” ਉਨ੍ਹਾਂ ਅੱਗੇ ਕਿਹਾ ਕਿ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਤਿੰਨਾਂ ਨੂੰ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਉਸ ਦੇ ਚਚੇਰੇ ਭਰਾ ਅਤੇ ਦੋਸਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਅੱਗੇ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਸਿੱਧੂ ਦੀ ਸੁਰੱਖਿਆ ਵਾਪਸ ਲੈਣ ’ਤੇ ਡੀ.ਜੀ.ਪੀ. ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਸ ਨੇ ਅਮਨ-ਕਾਨੂੰਨ ਦੀ ਡਿਊਟੀ ਲਈ ਸਿੱਧੂ ਮੂਸੇਵਾਲਾ ਦੇ ਸਿਰਫ਼ ਦੋ ਸੁਰੱਖਿਆ ਮੁਲਾਜ਼ਮ ਆਰਜ਼ੀ ਤੌਰ ’ਤੇ ਵਾਪਸ ਲਏ ਸਨ, ਜਦਕਿ ਉਨ੍ਹਾਂ ਦੇ ਨਾਲ ਕਮਾਂਡੋ ਬਟਾਲੀਅਨ ਦੇ ਦੋ ਪੁਲਸ ਮੁਲਾਜ਼ਮ ਹਾਲੇ ਵੀ ਤਾਇਨਾਤ ਸਨ। ਉਨ੍ਹਾਂ ਦੱਸਿਆ ਕਿ ਅੱਜ ਘਰੋਂ ਨਿਕਲਣ ਸਮੇਂ ਸਿੱਧੂ ਆਪਣੇ ਦੋ ਪੁਲਸ ਮੁਲਾਜ਼ਮਾਂ ਨੂੰ ਨਾਲ ਨਹੀਂ ਲੈ ਕੇ ਗਿਆ ਅਤੇ ਆਪਣੀ ਨਿੱਜੀ ਬੁਲੇਟ ਪਰੂਫ ਕਾਰ ਵੀ ਘਰ ਹੀ ਛੱਡ ਗਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

ਡੀ.ਜੀ.ਪੀ. ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਲੱਕੀ ਪਟਿਆਲ ਗਰੁੱਪ ਵਿਚਕਾਰ ਅੰਤਰ-ਗਿਰੋਹ ਦੁਸ਼ਮਣੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ’ਚ ਤਿੰਨ ਸ਼ੂਟਰਾਂ-ਸਨੀ, ਅਨਿਲ ਲਠ ਅਤੇ ਭੋਲੂ, ਜੋ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ, ਨੂੰ ਪਹਿਲਾਂ ਹੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਇਕ ਹੋਰ ਮੁਲਜ਼ਮ ਜਿਸ ਦੀ ਪਛਾਣ ਸ਼ਗਨਪ੍ਰੀਤ ਵਜੋਂ ਹੋਈ ਹੈ, ਜੋ ਸਿੱਧੂ ਮੂਸੇਵਾਲਾ ਦਾ ਮੈਨੇਜਰ ਸੀ, ਨੂੰ ਵਿੱਕੀ ਦੇ ਕਤਲ ਸਬੰਧੀ ਦਰਜ ਐੱਫ.ਆਈ.ਆਰ. ’ਚ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸ਼ਗਨਪ੍ਰੀਤ ਆਸਟ੍ਰੇਲੀਆ ਭੱਜ ਗਿਆ ਹੈ ਅਤੇ ਪੁਲਸ ਨੂੰ ਉਸ ਦੀ ਭਾਲ ਹੈ।

ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਪਰਾਧ ’ਚ 7.62 ਐੱਮ.ਐੱਮ., 9 ਐੱਮ.ਐੱਮ. ਅਤੇ 0.30 ਬੋਰ ਸਮੇਤ ਤਿੰਨ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਡੀ.ਜੀ.ਪੀ. ਨੇ ਆਈ.ਜੀ. ਬਠਿੰਡਾ ਰੇਂਜ ਪ੍ਰਦੀਪ ਯਾਦਵ, ਐੱਸ.ਐੱਸ.ਪੀ. ਮਾਨਸਾ ਗੌਰਵ ਤੂਰਾ ਅਤੇ ਐੱਸ.ਐੱਸ.ਪੀ. ਬਠਿੰਡਾ ਜੇ ਐਲਨਚੇਜ਼ੀਅਨ ਨੂੰ ਮਾਨਸਾ ’ਚ ਹੀ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਜਦਕਿ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਲੋੜੀਂਦੀ ਫੋਰਸ ਜੁਟਾ ਦਿੱਤੀ ਗਈ ਹੈ।


author

Manoj

Content Editor

Related News