ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
Wednesday, Sep 16, 2026 - 01:57 PM (IST)
ਮੋਗਾ (ਸੰਦੀਪ ਸ਼ਰਮਾ) : ਪਿਛਲੇ ਮਹੀਨੇ ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਵੱਲੋਂ ਕੀਤੀ ਗਈ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿਚ ਕੰਮ ਕਰ ਰਹੇ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕ ਅਸਿਸਟੈਂਟਾਂ ਨੂੰ ਵੱਡੀ ਰਾਹਤ ਦਿੰਦਿਆਂ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸਟਾਫ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਾਲ ਵਿਚ 12 ਕੈਜ਼ੂਅਲ ਅਤੇ ਮੈਡੀਕਲ ਛੁੱਟੀਆਂ ਲੈਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਮਰੱਥ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।
ਜ਼ਿਲੇ ਦੇ ਪਿੰਡ ਚੰਦ ਨਵਾਂ ਦੇ ਆਮ ਆਦਮੀ ਕਲੀਨਿਕ ’ਚ ਤਾਇਨਾਤ ਡਾ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਨਾਲ ਮੌਜੂਦ ਕਲੀਨਿਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਲ ਵਿਚ 12 ਛੁੱਟੀਆਂ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ ਕਦਮ ਹੈ ਪਰ ਰੈਗੂਲਰ ਮੁਲਾਜ਼ਮਾਂ ਦੇ ਮੁਕਾਬਲੇ ਉਨ੍ਹਾਂ ਨੂੰ ਹਾਲੇ ਵੀ ਕਈ ਅਹਿਮ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਰੈਗੂਲਰ ਮੁਲਾਜ਼ਮਾਂ ਵਾਂਗ ਸਹੂਲਤਾਂ ਦੇਣ ਸਬੰਧੀ ਤੁਰੰਤ ਹੁਕਮ ਜਾਰੀ ਕਰ ਕੇ ਪਹਿਲ ਦੇ ਆਧਾਰ ’ਤੇ ਲਾਗੂ ਕੀਤੇ ਜਾਣ।
