ਕੈਪਟਨ ਅਮਰਿੰਦਰ ਸਿੰਘ ਦਿੱਲੀ ਗੁਲਦਸਤੇ ਦੇ ਕੇ ਖਾਲੀ ਹੱਥ ਵਾਪਸ ਆ ਜਾਂਦੇ ਹਨ - ਖਹਿਰਾ

Tuesday, Aug 22, 2017 - 06:10 PM (IST)

ਬੁਢਲਾਡਾ, (ਮਨਜੀਤ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਖੁਦਕੁਸ਼ੀਆਂ ਦਾ ਰੁਝਾਨ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੀੜਤ ਕਿਸਾਨਾਂ ਦੀ ਬਾਂਹ ਨਹੀਂ ਫੜੀ ਪਰ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਲਈ ਰਾਹਤ ਫੰਡ ਸਥਾਪਤ ਕਰਕੇ ਉਨ੍ਹਾਂ ਦੀ ਮਦਦ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਦੌਰੇ ਦੌਰਾਨ ਪੀੜਤ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਸਮੇਂ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਤੋਂ ਪੀੜਤ ਪਰਿਵਾਰਾਂ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਇਸ ਲਈ ਆਮ ਆਦਮੀ ਪਾਰਟੀ ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਕਿਸਾਨ, ਖੇਤ ਮਜ਼ਦੂਰ ਰਾਹਤ ਫੰਡ ਬਣਾ ਕੇ ਕਿਸਾਨਾਂ ਦੀ ਮਦਦ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਮਾਨਸਾ ਜ਼ਿਲੇ 'ਚ ਪੀੜਤ ਕਿਸਾਨਾਂ ਦੇ 20 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਅਤੇ 50 ਪਰਿਵਾਰਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਪੰਜ ਸਾਲ ਪੈਨਸ਼ਨ ਦਿੱਤੀ ਜਾਵੇਗੀ। ਜਿਵੇਂ-ਜਿਵੇਂ ਵਿਦੇਸ਼ੀ ਪੰਜਾਬੀਆਂ ਵਲੋਂ ਮਦਦ ਆਵੇਗੀ ਉਸੇ ਤਰ੍ਹਾਂ ਹੀ ਪੀੜਤ ਕਿਸਾਨਾਂ ਨੂੰ ਸਹਾਇਤਾ ਦਿੱਤੀ ਜਾਇਆ ਕਰੇਗੀ।ਉਨ੍ਹਾਂ ਨੇ ਕਰਜ਼ਾ ਮੁਆਫੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ 'ਤੇ ਤੰਦ ਕਸਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਸਿਰਫ ਗੁਲਦਸਤੇ ਦੇ ਕੇ ਖਾਲੀ ਹੱਥ ਵਾਪਸ ਆ ਜਾਂਦੇ ਹਨ ਪਰ ਪੰਜਾਬ ਦੀ ਆਰਥਿਕ ਸਹਾਇਤਾ ਲਈ ਉਨ੍ਹਾਂ ਦੀ ਕੋਈ ਬਾਤ ਨਹੀਂ ਪੁੱਛ ਰਿਹਾ। ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅਤੇ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਕਾਂਗਰਸ ਪਾਰਟੀ ਸੱਤਾ 'ਚ ਆਈ ਹੈ ਪਰ ਸੱਤਾ 'ਚ ਆਉਣ ਤੋਂ ਬਾਅਦ ਕਿਸਾਨਾਂ ਅਤੇ ਕਿਸੇ ਵੀ ਵਰਗ ਦੀ ਸੁਣਵਾਈ ਨਹੀਂ। ਜਿੰਨੀ ਵੀ ਸਰਕਾਰ ਦੀ ਨਿੰਦਿਆ ਕੀਤੀ ਜਾਵੇ ਉਨ੍ਹੀ ਹੀ ਥੌੜੀ ਹੈ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਵਿਧਾਇਕ ਬਲਦੇਵ ਸਿੰਘ ਜੈਤੋਂ, ਵਿਧਾਇਕ ਜਗਦੇਵ ਸਿੰਘ ਕਮਾਲੂ ਮੋੜ, ਸੁਖਪਾਲ ਸਿੰਘ ਖਹਿਰਾ ਦੇ ਸੈਕਟਰੀ ਦੀਪਕ ਬਾਂਸਲ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਹੋਰ ਮੌਜੂਦ ਸਨ। 


Related News