ਪੰਜਾਬ ''ਚ ਖ਼ੌਫਨਾਕ ਵਾਰਦਾਤ, 40-50 ਬੰਦਿਆਂ ਨੇ ਘਰ ਆ ਕੇ ਵੱਢਿਆ ਆਮ ਆਦਮੀ ਪਾਰਟੀ ਦਾ ਸਰਪੰਚ
Monday, Dec 16, 2024 - 11:03 AM (IST)
ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਦੇ ਸਰਪੰਚ ਸੁਖਜੀਤ ਸਿੰਘ ਦਾ ਕਤਲ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ 'ਤੇ ਹੀ ਕਤਲ ਦੇ ਦੋਸ਼ ਹਨ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਪਿੰਡ ਵਿਚ ਚਿੱਟੇ ਦਾ ਨਸ਼ਾ ਬੰਦ ਕਰਵਾਉਂਦਾ ਸੀ, ਜਿਸ ਦੀ ਰੰਜਿਸ਼ ਦੇ ਚੱਲਦੇ ਉਸ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ 40-50 ਹਮਲਾਵਰ ਘਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਸਰਪੰਚ ਦਾ ਕਤਲ ਕਰ ਦਿੱਤਾ। ਦੋਸ਼ੀਆਂ ਨੇ ਹਵਾਈ ਫਾਇਰ ਵੀ ਕੀਤੇ। ਇਸ ਹਮਲੇ ਵਿਚ ਮ੍ਰਿਤਕ ਸਰਪੰਚ ਤੋਂ ਇਲਾਵਾ ਮ੍ਰਿਤਕ ਦਾ ਪਿਤਾ ਅਤੇ ਸਾਥੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਮ੍ਰਿਤਕ ਸਰਪੰਚ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਕਤਲ ਤੋਂ ਬਾਅਦ ਮ੍ਰਿਤਕ ਸਰਪੰਚ ਦੀ ਲਾਸ਼ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ, ਜਿੱਥੇ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੀ ਪੁੱਜੇ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਵੱਡੇ ਐਕਸ਼ਨ ਦੀ ਤਿਆਰੀ
ਸਰਕਾਰੀ ਹਸਪਤਾਲ ਬਰਨਾਲਾ ਵਿਖੇ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਲੋਕਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਕਤ ਲੋਕ ਸਰਪੰਚੀ ਚੋਣਾਂ ਨੂੰ ਲੈਕੇ ਵੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ। ਲੋਕਾਂ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਸਰਪੰਚ ਨੇ ਪਿੰਡ ਦੇ ਕੁਝ ਲੋਕਾਂ ਨੂੰ ਨਸ਼ਾ ਛੱਡਣ ਲਈ ਵਰਜਿਆ ਤਾਂ ਕੁਝ ਸਮੇਂ ਬਾਅਦ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਤੇਜ਼ਧਾਰ ਹਥਿਆਰ ਲੈ ਕੇ ਸਰਪੰਚ ਦੇ ਘਰ ਆ ਗਏ। ਜਿਸ ਤੋਂ ਬਾਅਦ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਮੌਜੂਦਾ ਸਰਪੰਚ ਸੁਖਜੀਤ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਉਪਰੰਤ ਉਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਭਾਰ ਘਟਾਉਣ ਲਈ ਦੌੜ ਲਗਾ ਰਹੀ 15 ਸਾਲਾ ਕੁੜੀ ਦੀ ਗਰਾਊਂਡ 'ਚ ਮੌਤ
ਇਸ ਤੋਂ ਇਲਾਵਾ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਰਪੰਚ ਸੁਖਜੀਤ ਸਿੰਘ ਆਮ ਆਦਮੀ ਪਾਰਟੀ ਦਾ ਪੁਰਾਣਾ ਸਮਰਥਕ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਸੀ ਪਰ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਮੌਕੇ ਤੋਂ ਭਜਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਖ਼ਬਰ, ਸਰਪੰਚਾਂ ਤੇ ਪੰਚਾਂ ਲਈ ਸਰਕਾਰ ਵਲੋਂ ਆਇਆ ਇਹ ਸੁਨੇਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e