ਬੇਅਦਬੀ ਮੁੱਦੇ ਨੂੰ ਲੈ ਕੇ ''ਆਮ ਆਦਮੀ ਪਾਰਟੀ'' ਦੀ ਪ੍ਰੈੱਸ ਕਾਨਫਰੰਸ, ਪੰਜਾਬ ਦੇ ਲੋਕਾਂ ਨੂੰ ਕੀਤੀ ਇਹ ਅਪੀਲ
Wednesday, Dec 22, 2021 - 02:57 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਫ਼ੀ ਸਮਾਂ ਪਹਿਲਾਂ ਤੋਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2015 'ਚ ਵੱਡੀ ਸਿਆਸੀ ਸਾਜ਼ਿਸ਼ ਦੇ ਅਧੀਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਦੇ ਮਗਰੋਂ ਕਰੀਬ ਡੇਢ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਪਰ ਇਕ ਵੀ ਦੋਸ਼ੀ ਨਹੀਂ ਫੜ੍ਹਿਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਸਾਲ 2017 'ਚ ਕਾਂਗਰਸ ਦੀ ਸਰਕਾਰ ਬਣੀ ਅਤੇ ਲੋਕਾਂ ਨਾਲ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਪਰ ਹੁਣ 5 ਸਾਲਾਂ ਬਾਅਦ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਇਨਸਾਫ਼ ਨਹੀਂ ਮਿਲਿਆ।
ਇਹ ਵੀ ਪੜ੍ਹੋ : ਮਜੀਠੀਆ ਖ਼ਿਲਾਫ਼ ਲੱਗੀਆਂ ਧਾਰਾਵਾਂ 'ਤੇ ਰੰਧਾਵਾ ਦਾ ਖ਼ੁਲਾਸਾ, ਵੱਡੇ ਬਾਦਲ ਨੂੰ ਵੀ ਦਿੱਤਾ ਜਵਾਬ
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਸ਼ਰੇਆਮ ਪੰਜਾਬ 'ਚ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਅਜਿਹੀਆਂ ਹੋਰ ਘਟਨਾਵਾਂ ਚੋਣਾਂ ਨੇੜੇ ਸਿਰਫ ਇਸ ਲਈ ਹੁੰਦੀਆਂ ਹਨ ਕਿ ਲੋਕਾਂ ਨੂੰ ਡਰਾ-ਧਮਕਾ ਕੇ ਵੋਟਾਂ ਲਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਲੋਕ ਅਸਲ ਮੁੱਦਿਆਂ ਤੋਂ ਭਟਕ ਜਾਣ। ਉਨ੍ਹਾਂ ਕਿਹਾ ਕਿ ਅੱਜ ਸਾਰੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਵੱਡਾ ਖ਼ਤਰਾ ਖੜ੍ਹਾ ਹੋ ਗਿਆ ਹੈ ਅਤੇ ਪੰਜਾਬ ਨੂੰ ਵੰਡਣ ਦਾ ਕੰਮ ਰਵਾਇਤੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਛੁੱਟੀ ਆਏ ਫ਼ੌਜੀ ਸਮੇਤ 3 ਨੌਜਵਾਨਾਂ ਦੀ ਮੌਤ, ਚਕਨਾਚੂਰ ਹੋ ਗਈ ਕਾਰ
ਹਰਪਾਲ ਚੀਮਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਰਾਜਸੀ ਸਾਜ਼ਿਸ਼ ਦੇ ਤਹਿਤ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ 2 ਦਿਨਾਂ 'ਚ ਦੋਸ਼ੀਆਂ ਨੂੰ ਫੜ੍ਹਨ ਦਾ ਦਾਅਵਾ ਕੀਤਾ ਸੀ ਪਰ ਅਜੇ ਤੱਕ ਇਸ ਮਾਮਲੇ ਬਾਰੇ ਕੁੱਝ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਸਿਰਫ ਚੋਣਾਂ ਨੇੜੇ ਹੋਣ ਕਾਰਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਰਾਜਸੀ ਸਾਜ਼ਿਸ਼ਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਆਪਣਾ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ, ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ