ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਪਾਖੰਡੀ ਪਾਰਟੀਆਂ : ਕੈਪਟਨ

Friday, Dec 18, 2020 - 09:14 PM (IST)

ਮੁਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨਾਂ ਦਾ ਕੋਈ ਸਰੋਕਾਰ ਨਹੀਂ ਹੈ। ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,‘‘ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।’’

ਇਹ ਵੀ ਪੜ੍ਹੋ: ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭਰੋਸਾ, ਜਲਦ ਨਿਕਲੇਗਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,‘‘ਹੁਣ ਕਿਸਾਨਾਂ ਦੇ ਸੰਘਰਸ਼ ’ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨਾਂ ਨੇ ਇਸ ਮੁੱਦੇ ’ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।’’ ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ’ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।

ਇਹ ਵੀ ਪੜ੍ਹੋ: ਕਿਸਾਨਾਂ ਵਾਲੇ ਬਿਆਨ ’ਤੇ ਵਿਵਾਦ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਦਿੱਤੀ ਸਫਾਈ

ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ’ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,‘‘ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰਾਂ ਮਾੜੇ ਇਰਾਦੇ ਪਾਲ ਰੱਖੇ ਹਨ।’’


Deepak Kumar

Content Editor

Related News