ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ

06/21/2021 10:34:03 PM

ਅੰਮ੍ਰਿਤਸਰ : ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਹੋਏ ਸਨ। ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਸੰਕੇਤ ਇਕ ਦਿਨ ਪਹਿਲਾਂ ਹੀ ਉਦੋਂ ਮਿਲ ਗਏ ਸਨ ਜਦੋਂ ਕੇਜਰੀਵਾਲ ਨੇ ਖੁਦ ਟਵੀਟ ਕਰਦੇ ਹੋਏ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਨੇ ਆਖਿਆ ਸੀ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।

ਇਹ ਵੀ ਪੜ੍ਹੋ : ਹਾਈਕਮਾਂਡ ਦੀ ਚੁੱਪੀ ’ਤੇ ਟੁੱਟਿਆ ਸਿੱਧੂ ਦੇ ਸਬਰ ਦਾ ਬੰਨ੍ਹ, ਫਿਰ ਖੋਲ੍ਹਿਆ ਕੈਪਟਨ ਖ਼ਿਲਾਫ਼ ਮੋਰਚਾ

ਅਕਾਲੀ ਦਲ ਪਹਿਲਾਂ ਹੀ ਕਰ ਚੁੱਕਾ ਹੈ ਵਿਰੋਧ
ਗੌਰਤਲਬ ਹੈ ਕਿ ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ, ਜਿਸ ਕਾਰਣ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ। ਅਕਾਲੀ ਦਲ ਇਹ ਵੀ ਆਖ ਚੁੱਕਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ, ਜਿਸ ਕਾਰਣ ਉਸ ਵਲੋਂ ਆਪਣੇ ਆਕਾਵਾਂ ਨੂੰ ਖ਼ੁਸ਼ ਕਰਣ ਲਈ ਅਕਾਲੀ ਦਲ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਹੁਣ ਜਦੋਂ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤਾਂ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ ਕਿਤੇ ਨਾ ਕਿਤੇ ਸੱਚ ਸਾਬਤ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਹੁਣ ਇਸ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh