ਪੰਜਾਬ ਵਿਧਾਨ ਸਭਾ ਇਜਲਾਸ ਮਗਰੋਂ 'ਆਪ' ਦੀ ਪ੍ਰੈੱਸ ਕਾਨਫਰੰਸ, ਭਾਜਪਾ ਤੇ ਕਾਂਗਰਸ 'ਤੇ ਲਾਏ ਰਗੜੇ

09/27/2022 4:43:51 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਹਾ ਗਿਆ ਕਿ ਅੱਜ ਦੇ ਇਜਲਾਸ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ਪੂਰਾ ਜ਼ੋਰ ਲਾ ਰਹੀ ਸੀ ਪਰ ਕੁੱਝ ਰੁਕਾਵਟਾਂ ਮਗਰੋਂ ਰਾਜਪਾਲ ਵੱਲੋਂ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਭਰੋਸਗੀ ਮਤੇ ਨੂੰ ਲੈ ਕੇ ਅੱਜ ਕਾਂਗਰਸੀਆਂ ਵੱਲੋਂ ਸਦਨ ਅੰਦਰ ਖੂਬ ਹੰਗਾਮਾ ਕੀਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ

ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਕਾਂਗਰਸ 'ਤੇ ਭਾਜਪਾ ਦਾ 'ਆਪਰੇਸ਼ਨ ਲੋਟਸ' ਕਾਫੀ ਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਇਸ ਕੰਮ 'ਚ ਕਾਂਗਰਸ ਵੀ ਭਾਜਪਾ ਦੇ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਦੇ ਮੁੱਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਤਰਲੋ-ਮੱਛੀ ਹੋ ਰਹੇ ਹਨ ਕਿ ਕਦੋਂ ਉਹ ਭਾਜਪਾ 'ਚ ਸ਼ਾਮਲ ਹੋ ਜਾਣ।

ਇਹ ਵੀ ਪੜ੍ਹੋ : ਵੱਡੀ ਖ਼ਬਰ : 3 ਅਕਤੂਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਸ਼ੁਰੂ

ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਨੇ ਭਾਜਪਾ ਅੱਗੇ ਸਰੰਡਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਲੜਾਈ ਪੰਜਾਬ ਸਮੇਤ ਪੂਰੇ ਦੇਸ਼ 'ਚ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਹੜੀ ਪਹਿਲੇ 6 ਮਹੀਨਿਆਂ 'ਚ ਕੰਮ ਕਰ ਰਹੀ ਹੈ, ਨਹੀਂ ਤਾਂ ਕਾਂਗਰਸੀ, ਅਕਾਲੀ ਅਤੇ ਭਾਜਪਾਈਆਂ ਦੀ ਅਖ਼ੀਰਲੇ 6 ਮਹੀਨਿਆਂ ਦੌਰਾਨ ਜਾਗ ਖੁੱਲ੍ਹਦੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita