ਪਰਾਲੀ ਸਾੜਨ ਦੇ ਮੁੱਦੇ 'ਤੇ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਹਰਿਆਣਾ ਦੇ CM ਨੂੰ ਦਿੱਤਾ ਜਵਾਬ

11/03/2022 2:54:22 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 31 ਲੱਖ ਹੈਕਟੇਅਰ ਝੋਨੇ ਦੀ ਫ਼ਸਲ ਹੁੰਦੀ ਹੈ, ਜਦੋਂ ਕਿ ਹਰਿਆਣਾ 'ਚ ਇਹ 11 ਲੱਖ ਹੈਕਟੇਅਰ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ 'ਚ ਚੌਲਾਂ ਦੀ ਖ਼ਪਤ ਨਾ ਹੋਣ ਦੇ ਬਾਵਜੂਦ ਵੀ ਸੂਬਾ ਪੂਰੇ ਦੇਸ਼ ਵਾਸਤੇ ਚੌਲਾਂ ਦੀ ਪੂਰਤੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 2.9 ਲੱਖ ਹੈਕਟੇਅਰ ਇਲਾਕੇ ਦੀ ਪਰਾਲੀ ਸਾੜੀ ਗਈ, ਜੋ ਕਿ ਪਿਛਲੇ ਸਾਲ ਪੰਜਾਬ 'ਚ 5 ਲੱਖ ਹੈਕਟੇਅਰ ਤੋਂ ਵੱਧ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਉਣ ਤੋਂ ਬਾਅਦ ਇਹ 2.9 ਲੱਖ ਹੈਕਟੇਅਰ 'ਤੇ ਆ ਗਈ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ ਦੇ ਕੈਦੀ 'ਕਾਲੇ ਪੀਲੀਏ' ਦੇ ਕਲਾਵੇ 'ਚ ਆਏ, ਸਾਹਮਣੇ ਆਏ ਅਸਲ ਅੰਕੜੇ

ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਦੀ ਸਾਂਭ-ਸੰਭਾਲ ਲਈ 35 ਹਜ਼ਾਰ ਤੋਂ ਵੱਧ ਮਸ਼ੀਨਾਂ ਪੰਜਾਬ ਦੇ ਕਿਸਾਨਾਂ ਨੂੰ ਵੰਡੀਆਂ ਹਨ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਸਵਾਲ ਕੀਤਾ ਕਿ ਤੁਸੀਂ ਦੱਸੋ ਕਿ ਹਰਿਆਣਾ ਦੇ ਕਿਸਾਨਾਂ ਨੂੰ ਕਿੰਨੀਆਂ ਮਸ਼ੀਨਾਂ ਵੰਡੀਆਂ ਹਨ। ਉਨ੍ਹਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਲਈ ਵਾਰ-ਵਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉੁਨ੍ਹਾਂ ਕਿਹਾ ਕਿ ਏਅਰ ਕੁਆਲਿਟੀ ਇੰਡੈਕਸ ਦੇ ਹਿਸਾਬ ਨਾਲ ਉੱਤਰੀ ਭਾਰਤ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹਨ, ਉਨ੍ਹਾਂ 'ਚੋਂ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰ ਹਰਿਆਣਾ ਦੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰਫ ਲੁਧਿਆਣਾ, ਅੰਮ੍ਰਿਤਸਰ ਅਤੇ ਖੰਨਾ ਸ਼ਹਿਰ ਪ੍ਰਦੂਸ਼ਿਤ ਹਨ। ਇਸ ਲਈ ਪੰਜਾਬ ਸਿਰ ਫਾਲਤੂ ਦਾ ਦੋਸ਼ ਮੜ੍ਹਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਸੀ ਕਿ ਪਰਾਲੀ ਸਾੜਨ ਦਾ ਹੱਲ ਲੱਭਣ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਦੋਸ਼-ਪ੍ਰਤੀਰੋਧ ਦੀ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ 'ਤੇ ਦੋਸ਼ ਲਾਉਣ ਦੀ ਬਜਾਏ ਮੁੱਖ ਮੰਤਰੀ ਮਾਨ ਨੂੰ ਹਰਿਆਣਾ ਵਾਂਗ ਕਿਸਾਨਾਂ ਨੂੰ ਰਾਹਤ ਦੇ ਕੇ ਪਰਾਲੀ ਦਾ ਪ੍ਰਬੰਧਨ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita