ਸਾਡੀ ਸਰਕਾਰ ''ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ : ਧਾਲੀਵਾਲ

Tuesday, Mar 22, 2022 - 09:38 PM (IST)

ਸਾਡੀ ਸਰਕਾਰ ''ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ : ਧਾਲੀਵਾਲ

ਚੰਡੀਗੜ੍ਹ (ਬਿਊਰੋ) : ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਐੱਨ. ਆਰ. ਆਈ. ਮਾਮਲੇ ਮੰਤਰੀ ਵਜੋਂ ਪੰਜਾਬ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕਾਂ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਜਮੀਲ-ਉਰ-ਰਹਿਮਾਨ, ਡਾ. ਅਜੇ ਗੁਪਤਾ, ਕਰਮਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ, ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ, ਸਰਵਣ ਸਿੰਘ ਧੁੰਨ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ 'ਚ ਆਪਣਾ ਅਹੁਦਾ ਸੰਭਾਲਿਆ।

ਇਹ ਵੀ ਪੜ੍ਹੋ : 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਸਿੰਗਲਾ

ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਧਾਲੀਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਇਹ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਦਿਨ-ਰਾਤ ਇਕ ਕਰਕੇ ਇਹ ਸੁਨਿਸ਼ਚਿਤ ਬਣਾਉਣਗੇ ਕਿ ਪੰਜਾਬ ਸਰਕਾਰ ਦਾ ਹਰ ਕੰਮ ਲੋਕਾਂ ਦੀ ਸੁਵਿਧਾ ਲਈ ਹੀ ਕੀਤਾ ਜਾਵੇ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਵਿਰੁੱਧ ਵਚਨਬੱਧਤਾ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ 'ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ ਹੈ ਤੇ ਅਸੀਂ ਹਰ ਹੀਲਾ ਵਰਤ ਕੇ ਰਿਸ਼ਵਤਖੋਰੀ ਰੋਕਾਂਗੇ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। 

ਇਹ ਵੀ ਪੜ੍ਹੋ : ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ਼ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਹਰ ਮੁਸ਼ਕਿਲ ਤੋਂ ਉਹ ਖ਼ੁਦ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਚੰਗੀਆਂ ਸੇਵਾਵਾਂ ਦੇਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਪੰਜਾਬ ਆਉਣ ਮੌਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪਿੰਡਾਂ ਦੇ ਵਿਕਾਸ ਬਾਰੇ ਆਪਣੀ ਸਰਕਾਰ ਦੀ ਵਿਉਂਤਬੰਦੀ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਪਿਛਲੀਆਂ ਸਰਕਾਰਾਂ ਵਾਂਗ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਆਰਕੀਟੈਕਟਾਂ, ਮਾਹਿਰਾਂ ਤੇ ਇਮਾਨਦਾਰ ਅਫਸਰਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਪਿੰਡ ਆਧਾਰਿਤ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਰ ਪਿੰਡ 'ਚ ਸਾਫ਼ ਪੀਣਯੋਗ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਪ੍ਰਬੰਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਪਿੰਡਾਂ ਦੀਆਂ ਡਿਸਪੈਂਸਰੀਆਂ, ਸਰਕਾਰੀ ਸਕੂਲਾਂ, ਪਾਰਕਾਂ ਤੇ ਲਾਈਟਾਂ ਦੀ ਦਸ਼ਾ ਸੁਧਾਰਨ ਲਈ ਵੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਕ੍ਰਿਸ਼ਨ ਕੁਮਾਰ, ਸਕੱਤਰ ਐੱਮ. ਐੱਸ. ਜੱਗੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਮਨਪ੍ਰੀਤ ਸਿੰਘ ਛਤਵਾਲ, ਟੀ. ਪੀ. ਐੱਸ. ਫੂਲਕਾ, ਸੰਯੁਕਤ ਸਕੱਤਰ ਰਾਜਪਾਲ ਸਿੰਘ ਤੇ ਡਿਪਟੀ ਸਕੱਤਰ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ 'ਚ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।


author

Harnek Seechewal

Content Editor

Related News