ਨਾਭਾ ਵਿਖੇ ''ਆਪ'' ਦਾ ਧਰਮਸੋਤ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ

Tuesday, Oct 27, 2020 - 02:01 PM (IST)

ਨਾਭਾ ਵਿਖੇ ''ਆਪ'' ਦਾ ਧਰਮਸੋਤ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ

ਨਾਭਾ (ਰਾਹੁਲ) : 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਗਾਤਾਰ ਵਿਰੋਧੀ ਪਾਰਟੀਆਂ ਵਲੋਂ ਘੇਰਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਲੋਂ ਪਹਿਲਾਂ ਵੀ ਲਗਾਤਾਰ ਦਿਨ-ਰਾਤ ਦਾ ਧਰਨਾ ਲਗਾ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਅੱਜ ਫਿਰ ਤੋਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ 'ਚ ਸਾਧੂ ਸਿੰਘ ਧਰਮਸੋਤ ਜੀ ਰਿਹਾਇਸ਼ ਬਾਹਰ ਧਰਨਾ ਲਗਾਇਆ ਜਾਣਾ ਸੀ ਪਰ ਪੁਲਸ ਪ੍ਰਸ਼ਾਸ਼ਨ ਵੱਲੋਂ ਰਿਹਾਇਸ਼ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਆਮ ਆਦਮੀ ਪਾਰਟੀ ਨੂੰ ਧਰਮਸੋਤ ਦੀ ਰਿਹਾਇਸ਼ ਨੇੜੇ ਧਰਨਾ ਲਗਾਉਣ ਨਹੀਂ ਦਿੱਤਾ, ਜਿਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਗੇਟ ਮੁੱਖ ਚੌਂਕ ਵਿਖੇ ਮੰਤਰੀ ਧਰਮਸੋਤ ਦਾ ਪੁਤਲਾ ਫੂਕ ਕੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ-ਸਿਆਪਾ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਅਤੇ ਆਪ ਆਗੂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਂਚ ਕਰਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜਿਹੜੀ ਕਲੀਨ ਚਿੱਟ ਦਿੱਤੀ ਗਈ ਹੈ, ਉਸ 'ਤੇ ਸਾਨੂੰ ਬਿਲਕੁਲ ਭਰੋਸਾ ਨਹੀਂ ਹੈ, ਇਸ ਕਰਕੇ ਅਸੀਂ ਸੀ. ਬੀ. ਆਈ. ਜਾਂ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ਕਰਦੇ ਹਾਂ। ਇਸ ਮੌਕੇ ਨਾਭਾ ਦੇ ਡੀ. ਐਸ. ਪੀ. ਰਾਜੇਸ਼ ਛਿੱਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਧਰਨਾ ਲਗਾਇਆ ਜਾਣਾ ਸੀ ਪਰ ਉਨ੍ਹਾਂ ਕੋਲ ਧਰਨਾ ਲਗਾਉਣ ਦੀ ਮਨਜ਼ੂਰੀ ਨਹੀਂ ਸੀ, ਜਿਸ ਕਰਕੇ ਪਾਰਟੀ ਦੇ ਆਗੂਆਂ ਨੂੰ ਧਰਮਸੋਤ ਦੀ ਰਿਹਾਇਸ਼ ਬਾਹਰ ਧਰਨਾ ਨਹੀਂ ਲਗਾਉਣ ਦਿੱਤਾ ਗਿਆ।  


author

Babita

Content Editor

Related News