ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਮੋਹਾਲੀ ''ਚ ''ਆਪ'' ਦਾ ਪ੍ਰਦਰਸ਼ਨ
Monday, Feb 22, 2021 - 01:49 PM (IST)
ਮੋਹਾਲੀ (ਜੱਸੋਵਾਲ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਧਾਏ ਜਾਣ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੂਰੇ ਦੇਸ਼ 'ਚ ਹੱਲਾ-ਬੋਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਦੀ ਆਪ ਵਰਕਰਾਂ ਵੱਲੋਂ ਮੋਹਾਲੀ ਦੇ ਡੀ. ਸੀ. ਦਫ਼ਤਰ ਦੇ ਬਾਹਰ ਵੀ ਧਰਨਾ ਲਾਇਆ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਗਈਆਂ ਹਨ ਅਤੇ ਮਹਿੰਗਾਈ ਹੱਦ ਤੋਂ ਜ਼ਿਆਦਾ ਵੱਧ ਗਈ ਹੈ।
ਇਸ ਮੌਕੇ ਜਨਤਾ ਦੀ ਬਹੁਤ ਘੱਟ ਸ਼ਮੂਲੀਅਤ ਦੇਖਣ ਨੂੰ ਮਿਲੀ। ਆਪ ਕਾਰਕੁੰਨਾਂ ਨੇ ਇਸ ਸਬੰਧੀ ਬੋਲਦਿਆਂ ਕਿਹਾ ਕਿ ਕੋਰੋਨਾ ਦੀ ਮਾਰ ਤੋਂ ਬਾਅਦ ਲੋਕਾਂ ਨੂੰ ਆਪਣਾ ਗੁਜ਼ਾਰਾ ਚਲਾਉਣ ਲਈ ਹੱਡ ਤੋੜਵੀਂ ਮਿਹਨਤ ਕਰਨੀ ਪੈ ਰਹੀ ਹੈ ਅਤੇ ਲੋਕਾਂ ਨੂੰ ਰੋਟੀ ਦਾ ਜੁਗਾੜ ਕਰਨਾ ਮੁਸ਼ਕਲ ਹੋ ਰਿਹਾ ਹੈ, ਇਸ ਕਾਰਨ ਲੋਕ ਧਰਨਿਆਂ ਦਾ ਹਿੱਸਾ ਨਹੀਂ ਬਣ ਰਹੇ। ਇਸ ਮੌਕੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਮੋਹਾਲੀ ਦੇ ਐਸ. ਡੀ. ਐਮ. ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਮ ਲੋਕਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਸੂਬਾ ਪੱਧਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।