ਪੰਜਾਬ ਵਿਧਾਨ ਸਭਾ ਬਾਹਰ 'ਆਪ' ਵਿਧਾਇਕਾਂ ਦਾ ਜ਼ਬਰਦਸਤ ਹੰਗਾਮਾ, ਪੁਲਸ ਨਾਲ ਹੋਈ ਧੱਕਾ-ਮੁੱਕੀ

Friday, Jan 17, 2020 - 10:08 AM (IST)

ਪੰਜਾਬ ਵਿਧਾਨ ਸਭਾ ਬਾਹਰ 'ਆਪ' ਵਿਧਾਇਕਾਂ ਦਾ ਜ਼ਬਰਦਸਤ ਹੰਗਾਮਾ, ਪੁਲਸ ਨਾਲ ਹੋਈ ਧੱਕਾ-ਮੁੱਕੀ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧਰਨਾ ਦਿੱਤਾ। ਇਸ ਦੌਰਾਨ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਤੋਂ ਬਾਅਦ ਵਿਧਾਇਕਾਂ ਅਤੇ ਪੁਲਸ ਦੀ ਆਪਸ 'ਚ ਧੱਕਾ-ਮੁੱਕੀ ਵੀ ਹੋਈ।

ਪਾਰਟੀ ਦੇ ਵਿਧਾਇਕ ਮਹਿੰਗੀ ਬਿਜਲੀ ਖਿਲਾਫ ਧਰਨਾ ਦੇ ਰਹੇ ਹਨ ਅਤੇ ਇਸੇ ਮੁੱਦੇ ਨੂੰ ਲੈ ਕੇ ਬੀਤੇ ਕੱਲ ਵੀ 'ਆਪ' ਵਿਧਾਇਕਾਂ ਵਲੋਂ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸਪੀਕਰ ਨੇ ਨਾ-ਮਨਜ਼ੂਰ ਕਰ ਦਿੱਤਾ। ਇਹ ਪ੍ਰਾਈਵੇਟ ਮੈਂਬਰ ਬਿੱਲ ਬਿਜਲੀ ਕੰਪਨੀਆਂ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਸਮਝੌਤਿਆਂ ਨੂੰ ਰੱਦ ਕਰਨ ਸਬੰਧੀ ਸੀ। ਪਾਰਟੀ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਨਿਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਹੋਏ, ਉਹ ਇਸ ਕਦਰ ਘਾਤਕ ਹਨ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਦੀ ਕੀਮਤ ਦੇਣੀ ਪੈ ਰਹੀ ਹੈ। ਪਾਰਟੀ ਦੇ ਵਿਧਾਇਕ ਅੱਜ ਸਵੇਰੇ 10 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਖਿਲਾਫ ਧਰਨੇ 'ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।


author

Babita

Content Editor

Related News