ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ
Friday, Jun 03, 2022 - 06:27 PM (IST)
ਜਲੰਧਰ/ਸੰਗਰੂਰ (ਵੈੱਬ ਡੈਸਕ, ਬੇਦੀ)- 23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ’ਤੇ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ 'ਚੋਂ ਮਿਲੀ ਬਜ਼ੁਰਗ ਦੀ ਲਾਸ਼
ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਜ਼ਿਮਨੀ ਚੋਣ ਦੀਆਂ ਪਿਛਲੇ ਦਿਨਾਂ ਤੋਂ ਹੋਰ ਹੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਉਮੀਦਵਾਰ ਐਲਾਨੀ ਜਾ ਰਹੀ ਹੈ ਪਰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸੰਗਰੂਰ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ। ਪਾਰਟੀ ਵਰਕਰਾਂ ਨੇ ਇਸ ਐਲਾਨ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਵਿਰੋਧੀਆਂ ਦੇ ਮੂੰਹ 'ਤੇ ਕਰਾਰੀ ਚਪੇੜ ਵੀ ਸਾਬਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸਰਪੰਚ ਗੁਰਮੇਲ ਸਿੰਘ ਘਰਾਚੋਂ ਪਿਛਲੀ ਕਾਂਗਰਸ ਦੇ ਰਾਜ ਵਿਚ ਵਿਵਾਦਾਂ ਵਿਚ ਰਹੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਅਤੇ ਇਮਾਨਦਾਰੀ ਕਰਕੇ ਇਹ ਮੌਕਾ ਮਿਲਿਆ ਹੈ, ਜੋਕਿ ਵਿਰੋਧੀ ਪਾਰਟੀਆਂ ਦੀ ਬੋਲਤੀ ਬੰਦ ਕਰਨ ਲਈ ਕਾਫ਼ੀ ਹੋਵੇਗੀ।
ਇਹ ਵੀ ਪੜ੍ਹੋ: ਘਾਤਕ ਹਥਿਆਰਾਂ ਦਾ ਗੜ੍ਹ ਬਣ ਰਿਹਾ ਪੰਜਾਬ, ਪਾਕਿਸਤਾਨ ਤੋਂ ਡਰੋਨ ਜ਼ਰੀਏ ਪਹੁੰਚ ਰਹੇ ਹਥਿਆਰ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਸੀਟ ਦੇ ਲੋਕ ਸਭਾ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਜ਼ਿਮਨੀ ਚੋਣ ਤਹਿਤ 23 ਜੂਨ ਨੂੰ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਚੋਣ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਮਾਰਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁੰਝਾ ਫੇਰ ਜਿੱਤ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਪਹਿਲੀ ਚੋਣ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ