''ਆਪ'' ਨੇ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਦੱਸਿਆ ਮੌਕਾਪ੍ਰਸਤ

Monday, Jun 06, 2022 - 03:41 PM (IST)

''ਆਪ'' ਨੇ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਦੱਸਿਆ ਮੌਕਾਪ੍ਰਸਤ

ਚੰਡੀਗੜ੍ਹ(ਰਮਨਜੀਤ ਸਿੰਘ): ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਇਸ ਸਵਿਚਓਵਰ (ਪਾਰਟੀ ਤਬਦੀਲੀ) ਲਈ ਕਾਂਗਰਸ ਆਗੂਆਂ ਨੂੰ ਮੌਕਾਪ੍ਰਸਤ ਕਰਾਰ ਦਿੱਤਾ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੁਦ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਕਾਰਵਾਈ ਤੋਂ ਬਚਣ ਲਈ ਕਾਂਗਰਸ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋਏ ਹਨ। ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਲੋਂ ਕਾਂਗਰਸ ਦਾ ਕੂੜਾ ਸ਼ਾਮਿਲ ਕਰਨਾ ਭਾਜਪਾ ਦੀ ਦੋਹਰੀ ਨੀਤੀ ਨੂੰ ਉਜਾਗਰ ਕਰਦਾ ਹੈ। ਕੰਗ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਅਤੇ ਸੁੰਦਰ ਸ਼ਾਮ ਅਰੋੜਾ ਸ਼ਨੀਵਾਰ ਨੂੰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ।

ਇਹ ਵੀ ਪੜ੍ਹੋ- ‘ਆਪ’ ਨਾਲ ਪਿਆਰ ਦੀਆਂ ਪੀਂਘਾਂ ਝੂਟਣ ਵਾਲੇ ਕਾਂਗਰਸੀ ਕੌਂਸਲਰ ਹੁਣ ਨਿਰਾਸ਼, ਭਾਜਪਾ ਵੱਲ ਟਿਕਟਿਕੀ ਲਾ ਕੇ ਲੱਗੇ ਵੇਖਣ

ਕੰਗ ਨੇ ਭਾਜਪਾ ਪਾਰਟੀ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸੂਬੇ ਵਿਚ ਡਰੱਗ ਮਾਫ਼ੀਆ ਅਤੇ ਰੇਤ ਮਾਫ਼ੀਆ ਨੂੰ ਸ਼ਹਿ ਦੇ ਕੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੇ ਕਾਂਗਰਸੀ ਆਗੂ ਸਿਆਸੀ ਲਾਭ ਲੈਣ ਲਈ ਭਾਜਪਾ ਵਿਚ ਸ਼ਾਮਿਲ ਹੋਏ ਹਨ। ਭਾਜਪਾ ਆਗੂ ਵੀ ਪਾਰਟੀ ਵਿਚ ਇਨ੍ਹਾਂ ਦਾ ਦਿਲੋਂ ਸਵਾਗਤ ਕਰ ਰਹੇ ਹਨ। ਕੰਗ ਨੇ ਸਾਫ਼ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਭ੍ਰਿਸ਼ਟ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਸਾਰੇ  ਭ੍ਰਿਸ਼ਟ ਆਗੂਆਂ ਖ਼ਿਲਾਫ਼ ਸਖ਼ਤ ਕਰਵਾਈ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜੇਗੀ।

ਇਹ ਵੀ ਪੜ੍ਹੋ- ਸੈਸ਼ਨ ਕੋਰਟ ਨੇ ਕੁੱਟਮਾਰ ਦੇ ਮਾਮਲੇ ’ਚ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਦੋਸ਼ੀ ਕਰਾਰ ਦੇਣ ’ਤੇ ਲਾਈ ਰੋਕ

ਉਨ੍ਹਾਂ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਨਿੱਜੀ ਕੰਪਨੀਆਂ ਨੂੰ ਕੋਵਿਡ-19 ਕਿੱਟ ਦੇ ਠੇਕੇ ਦੇਣ ਵਿਚ ਕਥਿਤ ਭ੍ਰਿਸ਼ਟਾਚਾਰ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤਰ੍ਹਾਂ ਕਾਂਗਰਸ ਵਿਚ ਮੰਤਰੀ ਰਹਿੰਦੇ ਹੋਏ ਅਰੋੜਾ, ਕਾਂਗੜ ਅਤੇ ਵੇਰਕਾ ’ਤੇ ਵੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਸਨ। ਕੰਗ ਨੇ ਕਿਹਾ ਕਿ ਭਾਜਪਾ ਦਾ ਪੱਲਾ ਫੜ੍ਹਨ ਵਾਲੇ ਵੇਰਕਾ ਉਹੀ ਆਗੂ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਲਈ ਅਣਸੂਚਿਤ ਜਾਤੀ ਵਿਰੋਧੀ ਅਤੇ ਕਿਸਾਨ ਵਿਰੋਧੀ ਕਿਹਾ ਸੀ। ਕੰਗ ਨੇ ਕਿਹਾ ਕਿ ਇਹ ਸਾਰੇ ਸਾਬਕਾ ਕਾਂਗਰਸੀ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਲਿਪਤ ਹਨ। ਭਾਜਪਾ ਵੀ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਦੋਸ਼ੀ ਠਹਿਰਾਉਂਦੀ ਆਈ ਹੈ। 

ਇਹ ਵੀ ਪੜ੍ਹੋ- E-Governance ਵੱਲ ਵਧ ਰਿਹਾ ਪੰਜਾਬ, ਮਾਲ ਵਿਭਾਗ ਦਾ ਜ਼ਮੀਨ ਸੰਬੰਧੀ ਸੇਵਾਵਾਂ ਨੂੰ ਲੈ ਕੇ ਵੱਡਾ ਫ਼ੈਸਲਾ

ਕੰਗ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਕੀ ਇਹ ਆਗੂ ਭਗਵਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਇਕ ਦਿਨ ਬਾਅਦ ਹੁਣ ਭਾਜਪਾ ਲਈ ਸੱਚੇ ਅਤੇ ਭਰੋਸੇਮੰਦ ਹੋ ਗਏ ਹਨ ? ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਅਤੇ ਪੰਜਾਬੀਆਂ ਨੂੰ ਵਿਕਾਸ ਲਈ ਹਮੇਸ਼ਾ ਕੰਮ ਕਰਦੀ ਰਹੇਗੀ। ਸਰਕਾਰ ਭ੍ਰਿਸ਼ਟਾਚਾਰ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ੇਗੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News