''ਆਪ'' ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਲਈ ਲੱਗੀਆਂ ਦੌੜਾਂ
Monday, Nov 12, 2018 - 12:51 PM (IST)
ਸ਼ੇਰਪੁਰ, ਸੰਗਰੂਰ(ਅਨੀਸ਼)— ਭਾਵੇਂ ਲੋਕ ਸਭਾ ਚੋਣਾਂ 'ਚ ਕਾਫੀ ਸਮਾਂ ਪਿਆ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਪਹਿਲ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਸਮੇਤ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਵੱਲੋਂ ਮੁੜ ਪਾਰਟੀ ਦੇ ਸੀਨੀਅਰ ਆਗੂ ਅਤੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ । ਆਪ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਾਕੀ ਸਿਆਸੀ ਪਾਰਟੀਆਂ 'ਚ ਵੀ ਹਲਚਲ ਤੇਜ਼ ਹੋ ਗਈ ਹੈ ਅਤੇ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵੀ ਅੱਗੇ ਆਉਣੇ ਸ਼ੁਰੂ ਹੋ ਗਏ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ਲੜ ਚੁੱਕੇ ਸ. ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਖੇਮੇ ਵਿਚ ਉਮੀਦਵਾਰ ਨੂੰ ਲੈ ਕੇ ਸਸਪੈਂਸ ਪਾਇਆ ਜਾ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਚੱਲ ਰਹੇ ਸੁਖਪਾਲ ਸਿੰਘ ਖਹਿਰਾ ਧੜੇ ਦੀ ਭੂਮਿਕਾ ਵੀ ਇਨ੍ਹਾਂ ਚੋਣਾਂ ਵਿਚ ਅਹਿਮ ਰਹੇਗੀ।
ਕੀ ਹੈ ਸੰਗਰੂਰ ਹਲਕੇ ਦਾ ਇਤਿਹਾਸ:
ਜੇਕਰ ਸੰਗਰੂਰ ਹਲਕੇ ਦੇ ਇਤਿਹਾਸ 'ਤੇ ਨਜ਼ਰ ਮਾਰੀ ਜਾਵੇ ਤਾਂ ਕੋਈ ਵੀ ਜਿੱਤਿਆ ਉਮੀਦਵਾਰ ਦੂਸਰੀ ਵਾਰ ਜਿੱਤਣ 'ਚ ਸਫਲ ਨਹੀਂ ਹੋਇਆ, 1992 ਦੀਆਂ ਲੋਕ ਸਭਾ ਚੋਣਾਂ 'ਚ ਇਹ ਸੀਟ ਕਾਂਗਰਸ ਪਾਰਟੀ ਦੇ ਗੁਰਚਰਨ ਸਿੰਘ ਦੱਧਾਹੂਰ ਨੇ ਜਿੱਤੀ ਸੀ , 1997 'ਚ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਬਰਨਾਲਾ ਜੇਤੂ ਰਹੇ ਅਤੇ ਇਕ ਸਾਲ ਬਾਅਦ ਹੋਈਆਂ ਚੋਣਾਂ (1998) ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਬਰਨਾਲਾ ਚੋਣ ਜਿੱਤੇ, 1999 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ, 2004 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੁਖਦੇਵ ਸਿੰਘ ਢੀਂਡਸਾ ਨੇ ਜਿੱਤ ਪ੍ਰਾਪਤ ਕੀਤੀ ਅਤੇ 2009 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਵਿਜੈਇੰਦਰ ਸਿੰਗਲਾ ਨੇ ਜਿੱਤ ਪ੍ਰਾਪਤ ਕੀਤੀ । 2014 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਮੁੜ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2,11,721 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਇਹ ਸੂਬੇ ਵਿਚ ਲੋਕ ਸਭਾ ਚੋਣਾਂ ਦੀ ਸਭ ਤੋਂ ਵੱਡੀ ਜਿੱਤ ਸੀ। ਪਿਛਲੇ ਸਮੇਂ ਦੌਰਾਨ ਸੰਗਰੂਰ ਦੇ ਸਿਆਸੀ ਹਾਲਾਤ ਵੀ ਬਦਲ ਚੁੱਕੇ ਹਨ। ਅਜਿਹੇ ਵਿਚ ਭਗਵੰਤ ਮਾਨ ਦੀ ਸੰਗਰੂਰ ਦੀ ਲੜਾਈ ਇੰਨੀ ਆਸਾਨ ਨਹੀਂ ਹੋਵੇਗੀ। ਹੁਣ ਜਦੋਂ ਆਮ ਆਦਮੀ ਪਾਰਟੀ ਵੀ ਦੋ ਧੜਿਆਂ 'ਚ ਵੰਡੀ ਗਈ ਹੈ ਅਤੇ ਖਹਿਰਾ ਧੜਾ ਵੀ ਖੁੱਲ੍ਹ ਕੇ ਪਾਰਟੀ ਦੀ ਮੁਖਾਲਫਤ ਕਰ ਰਿਹਾ ਹੈ ਤਾਂ ਲਿਹਾਜ਼ਾ ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧਣੀਆਂ ਸੁਭਾਵਿਕ ਹਨ।
ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਕਾਰਗੁਜ਼ਾਰੀ:
ਪਿਛਲੇ ਦਿਨੀਂ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੀ ਜ਼ਿਲਾ ਸੰਗਰੂਰ ਅਤੇ ਜ਼ਿਲਾ ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਵਧੀਆ ਨਹੀਂ ਰਹੀ, ਬਹੁਤ ਜਗ੍ਹਾ 'ਤੇ ਆਮ ਆਦਮੀ ਪਾਰਟੀ ਨੂੰ ਉਮੀਦਵਾਰ ਹੀ ਨਹੀਂ ਮਿਲੇ, ਬਲਾਕ ਸੰਮਤੀ ਸ਼ੇਰਪੁਰ ਵਿਚ ਤਾਂ ਆਮ ਆਦਮੀ ਪਾਰਟੀ ਦਾ ਖਾਤਾ ਹੀਂ ਨਹੀਂ ਖੁੱਲਿਆ ਅਤੇ ਜ਼ਿਲਾ ਪ੍ਰੀਸ਼ਦ ਜ਼ੋਨ ਸ਼ੇਰਪੁਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਸਰੇ ਸਥਾਨ 'ਤੇ ਰਿਹਾ। ਇਹੋਂ ਹਾਲ ਬਾਕੀ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਦਾ ਵੀ ਹੈ । ਇਸ ਹਿਸਾਬ ਨਾਲ ਭਗਵੰਤ ਮਾਨ ਲਈ ਇਸ ਵਾਰ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣਾ ਪਵੇਗਾ।
ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ:
ਜਦੋਂ ਹੁਣ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੜ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਕਾਂਗਰਸ ਪਾਰਟੀ ਵਿਚ ਵੀ ਹਲਚਲ ਸ਼ੁਰੂ ਹੋ ਗਈ ਹੈ।
ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ 'ਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਅਤੇ ਬਰਨਾਲਾ ਤੋਂ ਵਿਧਾਨ ਸਭਾ ਚੋਣ ਹਾਰ ਚੁੱਕੇ ਕੇਵਲ ਢਿੱਲੋਂ ਸ਼ਾਮਲ ਹਨ।
ਇਸ ਤੋਂ ਇਲਾਵਾ ਲਹਿਰਾਗਾਗਾ ਤੋਂ ਵਿਧਾਨ ਸਭਾ ਚੋਣ ਹਾਰ ਚੁੱਕੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਨਾਂ ਸ਼ਾਮਲ ਹਨ।
ਜਿੱਥੋਂ ਤੱਕ ਵਿਜੈਇੰਦਰ ਸਿੰਗਲਾ ਦਾ ਸਵਾਲ ਹੈ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਹਨ ਅਤੇ 2009 ਦੀਆਂ ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਉਨ੍ਹਾਂ ਦਾ ਜ਼ਿਲਾ ਸੰਗਰੂਰ ਅਤੇ ਜ਼ਿਲਾ ਬਰਨਾਲਾ ਵਿਚ ਕਾਫੀ ਜਨ ਆਧਾਰ ਹੈ। ਕੇਵਲ ਢਿੱਲੋਂ ਜੋਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਦਾ ਵੀ ਦੋਵੇਂ ਜ਼ਿਲਿਆਂ ਵਿਚ ਕਾਫੀ ਰਸੂਖ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ 'ਚੋਂ ਕਿਸ 'ਤੇ ਭਰੋਸਾ ਪ੍ਰਗਟ ਕਰਦੇ ਹਨ।
ਅਕਾਲੀ ਦਲ 'ਚ ਸਸਪੈਂਸ ਬਰਕਰਾਰ:
ਸ਼੍ਰੋਮਣੀ ਅਕਾਲੀ ਦਲ 'ਚ ਚੱਲ ਰਹੀ ਅੰਦਰੂਨੀ ਲੜਾਈ ਕਾਰਨ ਲੋਕ ਸਭਾ ਉਮੀਦਵਾਰ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ । ਸੂਤਰਾਂ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦਾ ਨਾਰਾਜ਼ ਹੋਣਾ ਵੀ ਲੋਕ ਸਭਾ ਸੀਟ ਨੂੰ ਲੈ ਕੇ ਹੈ ਕਿਉਂਕਿ ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੇ ਪਰਿਵਾਰ ਲਈ ਸੀਟ ਮੰਗ ਰਹੇ ਸਨ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਫਿਲਮੀ ਹਸਤੀ ਜਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਾਈ ਜਾ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਅਤੇ ਹਰਸਿਮਰਤ ਕੌਰ ਬਾਦਲ ਇਕ ਦੂਜੇ ਦੇ ਖਿਲਾਫ ਚੋਣ ਲੜਨ ਦਾ ਚੈਲੇਂਜ ਵੀ ਕਰ ਚੁੱਕੇ ਹਨ।