''ਆਪ'' ਨੇ ਕੀਤਾ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

07/26/2017 6:04:31 AM

ਚੰਡੀਗੜ੍ਹ  (ਸ਼ਰਮਾ) - ਆਰਥਿਕ ਮੰਦਹਾਲੀ ਕਾਰਨ ਆਤਮ-ਹੱਤਿਆ ਕਰ ਰਹੇ ਕਿਸਾਨਾਂ ਤੇ ਖੇਤ-ਮਜ਼ਦੂਰਾਂ ਦੇ ਹੱਕ ਵਿਚ ਆਮ ਆਦਮੀ ਪਾਰਟੀ (ਆਪ) ਨੇ ਸੂਬਾ ਪੱਧਰੀ ਸੰਘਰਸ਼ ਕਮੇਟੀ ਦਾ ਗਠਨ ਕੀਤਾ । ਕੋਟਕਪੂਰਾ ਵਿਧਾਨ ਸਭਾ ਖੇਤਰ ਤੋਂ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ਦੇ ਉਦੇਸ਼ਾਂ ਸਬੰਧੀ ਬੁੱਧਵਾਰ ਨੂੰ ਜਾਣਕਾਰੀ ਪ੍ਰਦਾਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੇ ਖੇਤੀ 'ਤੇ ਨਿਰਭਰ ਸਾਰੇ ਵਰਗਾਂ ਦੇ ਹੱਕ ਵਿਚ ਪੰਜਾਬ ਦੀ ਕਾਂਗਰਸ ਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਦਬਾਅ ਬਣਾਉਣਾ ਹੈ ਤਾਂ ਕਿ ਇਹ ਸਰਕਾਰਾਂ ਕਿਸਾਨਾਂ ਤੇ ਖੇਤ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਨੇਤਾ ਅਹਿਬਾਵ ਸਿੰਘ ਗਰੇਵਾਲ ਨੂੰ ਕਮੇਟੀ ਦਾ ਜਨਰਲ ਸਕੱਤਰ ਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਕਿਸਾਨ ਨੇਤਾ ਦਲਜੀਤ ਸਿੰਘ ਸਦਰਪੁਰਾ, ਕੰਵਲਪ੍ਰੀਤ ਸਿੰਘ ਕਾਕੀ ਤੇ ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਸੰਧਵਾਂ ਨੇ ਕਿਹਾ ਕਿ ਸੰਘਰਸ਼ ਕਮੇਟੀ ਆਉਣ ਵਾਲੀ 15 ਅਗਸਤ ਨੂੰ ਪੰਜਾਬ ਭਰ ਵਿਚ ਕਿਸਾਨਾਂ ਤੇ ਖੇਤ-ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਆਰੰਭ ਕਰੇਗੀ। ਉਸ ਤੋਂ ਬਾਅਦ ਆਉਣ ਵਾਲੀ 2 ਤੋਂ 6 ਸਤੰਬਰ ਤੱਕ ਆਪ' ਦੇ ਕੌਮੀ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਜ਼ਿਲਾ ਮੁੱਖ ਦਫ਼ਤਰਾਂ 'ਤੇ ਕਿਸਾਨਾਂ ਦੀਆਂ ਮੰਗਾਂ ਤੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਪੈਦਲ ਯਾਤਰਾਵਾਂ ਆਯੋਜਿਤ ਕੀਤੀਆਂ ਜਾਣਗੀਆਂ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਿਸਾਨਾਂ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਹਿਲੂ 'ਤੇ ਕੈਪਟਨ ਅਮਰਿੰਦਰ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ 'ਤੇ ਵੀ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇੰਝ ਹੀ ਕੁਚਲਿਆ ਜਾਂਦਾ ਰਿਹਾ ਤਾਂ ਦੇਸ਼ ਤਰੱਕੀ ਨਹੀਂ ਕਰ ਸਕਦਾ ਕਿਉਂਕਿ ਖੇਤੀ ਪ੍ਰਧਾਨ ਭਾਰਤ ਵਿਚ ਜੇਕਰ ਕਿਸਾਨ ਬਚੇਗਾ ਤਾਂ ਹੀ ਦੇਸ਼ ਬਚੇਗਾ।