BBMB ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ‘ਆਪ’ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ-ਪੱਤਰ : ਚੀਮਾ

Tuesday, Mar 01, 2022 - 08:57 PM (IST)

BBMB ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ‘ਆਪ’ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ-ਪੱਤਰ : ਚੀਮਾ

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 2 ਮਾਰਚ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ ਦੋਆਬਾ ਖੇਤਰ ’ਚੋਂ ਕੀਤੀ ਜਾਵੇਗੀ । ਇਹ ਜਾਣਕਾਰੀ ਸਾਂਝੀ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਆਪ’ ਨੇ ਮੰਗ ਕੀਤੀ ਹੈ ਕਿ ਮਾਣਯੋਗ ਰਾਜਪਾਲ ਇਨ੍ਹਾਂ ਪੱਤਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੇਸ਼ ਕਰਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਤਾਂ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਮਾਰੇ ਜਾਂਦੇ ਡਾਕੇ ਤੁਰੰਤ ਬੰਦ ਕੀਤੇ ਜਾਣ।

ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ 17 ਮਾਮਲੇ ਵਾਪਸ ਲੈਣ ਦੀ ਦਿੱਤੀ ਮਨਜ਼ੂਰੀ

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ, ‘‘1966 ’ਚ ਬਣੇ ‘ਪੰਜਾਬ ਪੁਨਰਗਠਨ ਐਕਟ’ ਦੌਰਾਨ ਹੀ ਬੀ. ਬੀ. ਐੱਮ. ਬੀ. ਦੀ ਸਥਾਪਨਾ ਹੋਈ ਸੀ, ਜਿਸ ’ਚ ਚੇਅਰਮੈਨ ਅਤੇ ਦੋ ਮੈਂਬਰ ਲਏ ਜਾਣ ਦੀ ਵਿਵਸਥਾ ਕੀਤੀ ਗਈ ਸੀ। 1967 ਤੋਂ ਹੀ ਇਹ ਵੱਡੇ ਸੂਬੇ ਅਤੇ ਹਿੱਸੇਦਾਰ ਹੋਣ ਦੇ ਨਾਤੇ ਪੰਜਾਬ ਅਤੇ ਹਰਿਆਣਾ ਤੋਂ ਹੀ ਲਏ ਜਾਂਦੇ ਰਹੇ ਹਨ। ਇਨ੍ਹਾਂ ਵਿਚੋਂ ਵੱਡੇ ਅਤੇ ਵੱਧ ਹਿੱਸੇ ਪੰਜਾਬ ਨੂੰ ਪਹਿਲੇ ਨੰਬਰ ’ਤੇ ਰੱਖਿਆ ਜਾਂਦਾ ਹੈ ਤੇ ਖਰਚਾ ਵੀ ਵਧੇਰੇ ਪੰਜਾਬ ਹੀ ਕਰਦਾ ਆ ਰਿਹਾ ਹੈ ਪਰ ਹੁਣ ਬੀ. ਬੀ. ਐੱਮ. ਬੀ. ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।''

ਇਹ ਵੀ ਪੜ੍ਹੋ : ਕੀਵ ’ਚ ਭਾਰਤੀਆਂ ਸਿਰ ਮੰਡਰਾਉਣ ਲੱਗਾ ਜੰਗ ਦਾ ਖ਼ਤਰਾ, ਰੇਲ ਗੱਡੀ ’ਚ ਚੜ੍ਹਨ ਦੀ ਨਹੀਂ ਇਜਾਜ਼ਤ

ਚੀਮਾ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਪੰਜਾਬ ਦੀ ਸਰਜ਼ਮੀਂ ’ਤੇ ਖੜ੍ਹਾ ਹੋਇਆ ਉਹ ਪ੍ਰਬੰਧਨ ਹੈ, ਜਿਸ ’ਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ ਅਤੇ ਬੀ. ਬੀ. ਐੱਮ. ਬੀ. ਦੇ ਪ੍ਰਬੰਧਨ ’ਚੋਂ  ਗਿਣਮਿੱਥ ਕੇ ਪੰਜਾਬ ਦੀ ਅਹਿਮੀਅਤ ਘਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ’ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ਼ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ । ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਸੂਬਿਆਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ’ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ। ਹਰਪਾਲ ਚੀਮਾ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਕਿਹਾ ਕਿ  ਬੀ. ਬੀ. ਐੱਮ. ਬੀ. ਦੇ ਪ੍ਰਬੰਧਨ ’ਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਲਈ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇਕੱਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕਾਂ ’ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ ਕਿਉਂਕਿ ਇਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਪਿਆਰੇ ਰਹੇ, ਜਿਸ ਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬੀ. ਬੀ. ਐੱਮ. ਬੀ. ਦੇ ਨਿਯਮਾਂ (ਰੂਲਜ਼) ’ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਬੀ. ਬੀ. ਐੱਮ. ਬੀ. ਦੇ ਪ੍ਰਬੰਧਨ ’ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਵਾਪਸ ਲੈਣ ਅਤੇ ਕਾਂਗਰਸ ਸਰਕਾਰਾਂ ਵੱਲੋਂ ਪਹਿਲਾਂ ਲਏ ਗਏ ਪੰਜਾਬ ਵਿਰੋਧੀ ਸਾਰੇ ਫ਼ੈਸਲਿਆਂ ’ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।


author

Manoj

Content Editor

Related News