ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ 'ਚ ਮਾਨ ਸਰਕਾਰ, ਨੋਟੀਫਿਕੇਸ਼ਨ ਜਾਰੀ
Wednesday, Nov 02, 2022 - 08:48 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ ਵਿਚ ਹੈ। ਲੋਕਾਂ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਛੇਤੀ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ ਦਫ਼ਤਰ ਖੋਲ੍ਹੇ ਜਾ ਸਕਦੇ ਹਨ।
ਦਰਅਸਲ, ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਕਿਹਾ ਸੀ ਕਿ ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ, ਸਗੋਂ ਸੂਬੇ ਦੇ ਹਰ ਜ਼ਿਲ੍ਹੇ ਵਿਚ ਹੀ ਮੁੱਖ ਮੰਤਰੀ ਦਫ਼ਤਰ ਹੋਵੇਗਾ। ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿਚ ਕਦਮ ਵਧਾਉਂਦਿਆਂ ਸੂਬਾ ਸਰਕਾਰ ਨੇ 23 ਜ਼ਿਲ੍ਹਿਆਂ ਵਿਚ ਚੀਫ਼ ਮਿਨੀਸਟਰ ਫੀਲਡ ਅਫਸਰ ਨਿਯੁਕਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਨ੍ਹਾਂ ਅਸਾਮੀਆਂ ਨੂੰ ਪੀ. ਸੀ. ਐੱਸ. (ਈ.ਬੀ.) ਅਫ਼ਸਰਾਂ 'ਚੋਂ ਹੀ ਭਰਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਡਟੇ ਭਗਵੰਤ ਮਾਨ, ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਜਾਣਕਾਰੀ ਮੁਤਾਬਕ 21 ਅਕਤਬੂਰ ਨੂੰ ਕੈਬਨਿਟ ਵੱਲੋਂ ਸੂਬੇ ਵਿਚ ਅਸਿਸਟੈਂਟ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਪੋਸਟਾਂ ਖ਼ਤਮ ਕਰ ਕੇ ਚੀਫ਼ ਮਿਨੀਸਟਰ ਫੀਲਡ ਅਫਸਰ ਦੀਆਂ 23 ਪੋਸਟਾਂ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਹੁਣ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਇਸ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਛੇਤੀ ਹੀ ਪੀ. ਸੀ. ਐੱਸ. (ਈ.ਬੀ.) ਅਫ਼ਸਰਾਂ 'ਚੋਂ ਇਨ੍ਹਾਂ ਅਸਾਮੀਆਂ 'ਤੇ ਨਿਯੁਕਤੀ ਕੀਤੀ ਜਾਵੇਗੀ।