ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ
Wednesday, Dec 14, 2022 - 11:38 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮ ’ਤੇ ਜਲੰਧਰ ਦੇ ਲਤੀਫ਼ਪੁਰਾ ’ਚ ‘ਕਬਜ਼ਾ ਹਟਾਓ ਮੁਹਿੰਮ’ ’ਚ ਪ੍ਰਭਾਵਿਤ ਲੋਕਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਜਲੰਧਰ ਵਿਖੇ ਉੱਚਕੋਟੀ ਦੇ ਘਰ ਬਣਾ ਕੇ ਮੁੜ ਵਸੇਬਾ ਕੀਤਾ ਜਾਵੇਗਾ। ਇਥੇ ਪਾਰਟੀ ਦੇ ਮੁੱਖ ਦਫ਼ਤਰ ’ਚ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦੇ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਪਰੂਵਮੈਂਟ ਟਰੱਸਟ, ਜਲੰਧਰ ਦੇ ਚੇਅਰਮੈਨ ਪ੍ਰੋ. ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਇਹ ਮੁਹਿੰਮ ਸੁਪਰੀਮ ਕੋਰਟ ਦੇ ਹੁਕਮ ’ਤੇ ਚਲਾਈ ਗਈ ਸੀ ਅਤੇ ਇਹ ਪਿਛਲੀਆਂ ਸਰਕਾਰਾਂ ਦੀਆਂ ਧੋਖੇਬਾਜ਼ ਨੀਤੀਆਂ ਦਾ ਨਤੀਜਾ ਹੈ। ‘ਆਪ’ ਆਗੂਆਂ ਨੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੂਬਾ ਸਰਕਾਰ ਖ਼ਿਲਾਫ਼ ਅਪਮਾਨਜਨਕ ਮੁਹਿੰਮ ਚਲਾਉਣ ਲਈ ਵਿਰੋਧੀ ਧਿਰ ਨੂੰ ਲੰਬੇ ਹੱਥੀਂ ਲਿਆ ਤੇ ਕਿਹਾ ਕਿ ਇਸ ਮੁਹਿੰਮ ਲਈ ਪਿਛਲੀਆਂ ਸਰਕਾਰਾਂ ਦੋਸ਼ੀ ਹਨ, ਜਿਨ੍ਹਾਂ ਨੇ ਇਸ ਮੁੱਦੇ ਦਾ ਕੋਈ ਠੋਸ ਹੱਲ ਲੱਭਣ ਦੀ ਬਜਾਏ ਸਾਲਾਂਬੱਧੀ ਲਟਕਾਈ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨ ਭਲਕੇ ਟੋਲ ਪਲਾਜ਼ਾ ਕਰਨਗੇ ਬੰਦ, ਪੜ੍ਹੋ Top 10
ਪ੍ਰੋ. ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਹ ਮਕਾਨ ਪਬਲਿਕ ਪ੍ਰਾਪਰਟੀ ’ਤੇ ਬਣੇ ਹੋਏ ਸਨ। ਇਸ ਮਾਮਲੇ ’ਚ ਮਾਣਹਾਨੀ ਦਾ ਕੇਸ ਵੀ ਟਰੱਸਟ ਦੇ ਖ਼ਿਲਾਫ਼ ਚੱਲ ਰਿਹਾ ਸੀ, ਜਿਸ ਕਾਰਨ ਇਹ ਮੁਹਿੰਮ ਚਲਾਈ ਗਈ। ਟਰੱਸਟ ਨੇ 12 ਦਸੰਬਰ ਨੂੰ ਸੁਪਰੀਮ ਕੋਰਟ ਸਾਹਮਣੇ ਸਟੇਟਸ ਰਿਪੋਰਟ ਵੀ ਸੌਂਪੀ ਸੀ ਪਰ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਇਸ ਮੁਹਿੰਮ ’ਚ ਕਿਸੇ ਦਾ ਵੀ ਨੁਕਸਾਨ ਨਹੀਂ ਹੋਣ ਦੇਵਾਂਗੇ। ਅਸੀਂ ਇਸ ਮਾਮਲੇ ’ਚ ਪ੍ਰਭਾਵਿਤ ਸਾਰੇ ਪਰਿਵਾਰਾਂ ਨੂੰ ਘਰ ਦੇਵਾਂਗੇ ਅਤੇ ਉਨ੍ਹਾਂ ਦਾ ਸਨਮਾਨ ਨਾਲ ਮੁੜ ਵਸੇਬਾ ਕਰਾਵਾਂਗੇ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਨੇ ਚੰਡੀਗੜ੍ਹ ਦੇ SSP ਨੂੰ ਹਟਾਉਣ ਦੇ ਮਾਮਲੇ ’ਚ CM ਮਾਨ ਨੂੰ ਘੇਰਿਆ
ਪ੍ਰੋ. ਸੰਘੇੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਸਾਰੇ ਪ੍ਰਭਾਵਿਤ ਗ਼ਰੀਬ ਪਰਿਵਾਰਾਂ ਦਾ ਜਲਦੀ ਤੋਂ ਜਲਦੀ ਮੁੜ ਵਸੇਬਾ ਕੀਤਾ ਜਾਵੇ ਅਤੇ ਇਸ ਲਈ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੌਰਾਨ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਹਰੇਕ ਪਰਿਵਾਰ, ਜਿਨ੍ਹਾਂ ਦੇ ਘਰ ਢਾਹ ਦਿੱਤੇ ਗਏ ਹਨ, ਨੂੰ ਜਲਦ ਹੀ ਇਕ ਰਸੋਈ, ਇਕ ਬਾਥਰੂਮ ਅਤੇ ਦੋ ਕਮਰਿਆਂ ਵਾਲਾ ਘਰ ਦਿੱਤਾ ਜਾਵੇਗਾ। ਵਿਰੋਧੀ ਧਿਰ ’ਤੇ ਹਮਲਾ ਕਰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗ਼ਰੀਬ ਪੱਖੀ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਅਸੀਂ ਇਸ ਮੁਹਿੰਮ ਨਾਲ ਪ੍ਰਭਾਵਿਤ ਕਿਸੇ ਵੀ ਗ਼ਰੀਬ ਪਰਿਵਾਰ ਨੂੰ ਬੇਘਰ ਨਹੀਂ ਰਹਿਣ ਦੇਵਾਂਗੇ।