‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ

07/22/2023 8:12:52 PM

ਚੰਡੀਗੜ੍ਹ (ਬਿਊਰੋ) : ਆਈ. ਏ. ਐੱਸ./ਆਈ. ਪੀ. ਐੱਸ./ਆਈ. ਆਰ. ਐੱਸ. ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਸੂਬੇ ’ਚ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ. ਪੀ. ਐੱਸ. ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿਚ ਸੂਬੇ ਦੇ ਘਟਦੇ ਅਨੁਪਾਤ ’ਤੇ ਚਿੰਤਾ ਪ੍ਰਗਟਾਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾਂ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿਚ ਇਹ 8 ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ. ਪੀ. ਐੱਸ. ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿਚ ਉੱਚ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ

ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪ੍ਰੰਪਰਾ ਨੂੰ ਭਵਿੱਖ ਵਿਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਇਹ ਕੇਂਦਰ ਖੋਲ੍ਹਣ ਦਾ ਇਕੋ ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਇੱਛੁਕ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿਚ ਦਾਖ਼ਲੇ ਦੀ ਰੂਪ-ਰੇਖਾ ਅਤੇ ਉਨ੍ਹਾਂ ਵਿਚ ਪੇਸ਼ੇਵਰ, ਸਮਰਪਿਤ ਅਤੇ ਕਾਬਿਲ ਸਟਾਫ਼ ਦੀ ਭਰਤੀ ਕਰਨ ਲਈ ਕਿਹਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ

ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਰੈਗੁਲਰ ਸਿਖਲਾਈ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨਾਂ ਨੂੰ ਸਿਖਲਾਈ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲੇ ਵਧੀਆ ਨੌਕਰਸ਼ਾਹ ਪੈਦਾ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Manoj

This news is Content Editor Manoj