4 ਵੱਡੇ ਸ਼ਹਿਰਾਂ ਨੂੰ ਦਰਿਆਵਾਂ ਤੇ ਨਹਿਰਾਂ ਦਾ ਪੀਣਯੋਗ ਪਾਣੀ ਮੁਹੱਈਆ ਕਰਵਾਏਗੀ ‘ਆਪ’ ਸਰਕਾਰ : ਨਿੱਝਰ

Tuesday, Aug 02, 2022 - 08:29 PM (IST)

ਚੰਡੀਗੜ੍ਹ/ਕਪੂਰਥਲਾ (ਬਿਊਰੋ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ 4 ਮਹਾਨਗਰਾਂ ਜਲੰਧਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਲੋਕਾਂ ਨੂੰ ਪੀਣਯੋਗ ਨਹਿਰੀ ਪਾਣੀ ਮੁਹੱਈਆ ਕਰਵਾਏਗੀ, ਜਿਸ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ। ਅੱਜ ਕਪੂਰਥਲਾ ਜ਼ਿਲ੍ਹੇ ’ਚ ਆਪਣੀ ਪਲੇਠੀ ਫੇਰੀ ਦੌਰਾਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਰਿਆਈ/ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਵਿਆਪਕ ਯੋਜਨਾਬੰਦੀ ਕੀਤੀ ਹੈ ਤੇ ਪਹਿਲੇ ਪੜਾਅ ਤਹਿਤ 4 ਵੱਡੇ ਸ਼ਹਿਰਾਂ ਨੂੰ 25 ਤੋਂ 30 ਸਾਲਾਂ ਦੀ ਯੋਜਨਾ ਤਹਿਤ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 85 ਹੋਰ ਸ਼ਹਿਰਾਂ ਅਤੇ ਕਸਬਿਆਂ ਦੀ ਵੀ ਸ਼ਨਾਖਤ ਕੀਤੀ ਗਈ ਹੈ, ਜੋ ਦਰਿਆ ਜਾਂ ਨਹਿਰ ਦੇ 15 ਕਿਲੋਮੀਟਰ ਦੇ ਘੇਰੇ ’ਚ ਆਉਂਦੇ ਹਨ, ਨੂੰ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਦਰਿਆ ਜਾਂ ਨਹਿਰ ਤੋਂ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਸਰਾਵਾਂ ’ਤੇ GST ਲਾਉਣ ’ਤੇ ਰਾਘਵ ਚੱਢਾ ਨੇ ਰਾਜ ਸਭਾ ’ਚ ਘੇਰੀ ਭਾਜਪਾ ਸਰਕਾਰ, ਜਜ਼ੀਆ ਟੈਕਸ ਨਾਲ ਕੀਤੀ ਤੁਲਨਾ

ਉਨ੍ਹਾਂ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ’ਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰ ਸਮਾਂਬੱਧ ਢੰਗ ਨਾਲ ਵਿਕਾਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਅਸਫ਼ਸਲ ਰਹਿਣ, ਉਨ੍ਹਾਂ ਨੂੰ ਭਵਿੱਖ ਦੇ ਕੰਮਾਂ ਲਈ ਬਲੈਕ ਆਊਟ ਕੀਤਾ ਜਾਵੇ ਤਾਂ ਜੋ ਸਰਕਾਰੀ ਕੰਮਾਂ ’ਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹੇ ’ਚ ਬਣਨ ਜਾ ਰਹੇ ਮੈਡੀਕਲ ਕਾਲਜ ਦੀ ਪ੍ਰਗਤੀ ਬਾਰੇ ਮੁਲਾਂਕਣ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਖੁਦ ਨਿੱਜੀ ਤੌਰ ’ਤੇ ਇਸ ਮਸਲੇ ਨੂੰ ਪੰਜਾਬ ਸਰਕਾਰ ਕੋਲ ਉਠਾਉਣਗੇ ਤਾਂ ਜੋ ਅੰਤਰ ਵਿਭਾਗੀ ਤਾਲਮੇਲ ਨਾਲ ਮੈਡੀਕਲ ਕਾਲਜ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਸਿਵਲ ਹਸਪਤਾਲ ਵਿਚ ਕਰੀਬ 11.50 ਏਕੜ ਵਿਚ ਬਣਾਇਆ ਜਾਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਏ.ਡੀ.ਸੀ. (ਸ਼ਹਿਰੀ ਵਿਕਾਸ) ਅਤੇ ਨਗਰ ਨਿਗਮ ਕਮਿਸ਼ਨਰ ਨੂੰ ਹਾਊਸਿੰਗ ਸੁਸਾਇਟੀ ਅਤੇ ਕਮਰਸ਼ੀਅਲ ਮਾਲ ਜਾਂ ਮਲਟੀਪਲੈਕਸਾਂ ਦੇ ਨਕਸ਼ਿਆਂ ਤੋਂ ਇਲਾਵਾ ਬਾਕੀ ਬਿਲਡਿੰਗਾਂ ਦੇ ਨਕਸ਼ੇ ਪਾਸ ਕਰਨ ਲਈ ਵੀ ਅਧਿਕਾਰਤ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ CM ਮਾਨ ਨੂੰ ਦੱਸਿਆ ਨਾਂ ਦਾ ਮੁੱਖ ਮੰਤਰੀ, ਕਿਹਾ-ਕੇਜਰੀਵਾਲ ਚਲਾ ਰਿਹੈ ਸਰਕਾਰ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਜ਼ਿਲ੍ਹੇ ’ਚ ਆਉਣ ’ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਦੀ ਹਾਜ਼ਰੀ ਹੇਠ ਪੰਜਾਬ ਪੁਲਸ ਦੀ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਵੀ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਗਿਆ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਲਗਨ ਅਤੇ ਤਨਦੇਹੀ ਨਾਲ ਪੰਜਾਬ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਦਾ ਲਾਭ ਲੋਕਾਂ ਤੱਕ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਗੇ ਅਤੇ ਜਾਰੀ ਪ੍ਰਾਜੈੱਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਏ. ਡੀ. ਸੀ. (ਜ) ਅਜੈ ਅਰੋੜਾ, ਏ. ਡੀ. ਸੀ. ਫਗਵਾੜਾ ਡਾ. ਨਯਨ ਜੱਸਲ, ਏ. ਡੀ. ਸੀ. (ਡੀ) ਐੱਸ. ਪੀ. ਆਂਗਰਾ, ਏ. ਡੀ. ਸੀ. (ਸ਼ਹਿਰੀ ਵਿਕਾਸ) ਅਨੁਪਮ ਕਲੇਰ, ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ, ਐੱਸ. ਡੀ. ਐੱਮ. ਕਪੂਰਥਲਾ ਹਰਦੀਪ ਸਿੰਘ, ‘ਆਪ’ ਆਗੂ ਮੰਜੂ ਰਾਣਾ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨਿਕਿਤਾ ਸਿਖਲਾਣੀ, ਰਣਜੀਤ ਸਿੰਘ ਰਾਣਾ, ਸੂਬਾ ਸਕੱਤਰ ਗੁਰਸ਼ਰਨ ਸਿੰਘ ਕਪੂਰ, ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ, ਪਰਵਿੰਦਰ ਸਿੰਘ ਢੋਟ ਆਦਿ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

 


Manoj

Content Editor

Related News