ਭਗਵੰਤ ਮਾਨ ਦੀ ਅਗਵਾਈ 'ਚ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣਗੇ 'ਆਪ' ਆਗੂ
Wednesday, Nov 17, 2021 - 04:24 PM (IST)
ਜਲੰਧਰ(ਵੈੱਬ ਡੈਸਕ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ 19 ਨਵੰਬਰ ਨੂੰ 'ਆਪ' ਪੰਜਾਬ ਦੇ ਵਿਧਾਇਕ ਉਨ੍ਹਾਂ ਦੀ ਅਗਵਾਈ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਤਮਸਤਕ ਹੋਣ ਲਈ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੀ ਖ਼ੁਸ਼ਖ਼ਬਰੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਨ ਦਾ ਮੌਕਾ ਮਿਲਿਆ।ਉਨ੍ਹਾਂ ਕਿਹਾ ਕਿ ਅਸੀਂ ਉਸ ਧਰਤੀ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਲਈ ਕਿਵੇਂ ਕਰੀਏ ਅਪਲਾਈ, ਕਿੰਨੇ ਲੱਗਣਗੇ ਪੈਸੇ, ਜਾਣੋ ਪੂਰੀ ਪ੍ਰਕਿਰਿਆ
ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ 'ਆਪ' ਦਾ ਵਫ਼ਦ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕਰੇਗਾ। ਉਨ੍ਹਾਂ ਕਿਹਾ ਕਿ ਜਿੱਥੇ ਗੁਰੂ ਸਾਹਿਬ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 16 ਸਾਲ ਖੇਤੀ ਕੀਤੀ ਅਤੇ ਹੱਥੀਂ ਕਿਰਤ ਕੀਤੀ, ਅਸੀਂ ਉਥੋਂ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਤਾਂ ਜੋ ਸਾਡੇ ਵੱਲੋਂ ਪੰਜਾਬ ਨੂੰ ਪੰਜਾਬ ਬਣਾਉਣ ਦੀ ਜੋ ਲੜਾਈ ਲੜੀ ਜਾ ਰਹੀ ਹੈ, ਪਰਮਾਤਮਾ ਉਸ ਲੜਾਈ ਵਿੱਚ ਸਾਡੇ ਅੰਗ ਸੰਗ ਸਹਾਈ ਹੋਣ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ 'ਤੇ 50 ਕੁਇੰਟਲ ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ੍ਰੀ ਕਰਤਾਰਪੁਰ ਲਾਂਘਾ ਨੂੰ ਪਹਿਲਾਂ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਵਿੱਚ ਸ਼ਾਮਲ ਕੀਤਾ ਹੋਇਆ ਹੈ ਅਤੇ ਇਸ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਲੋਕਾਂ ਨੂੰ ਵੱਖ- ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਨ, ਪਰ ਕੋਵਿਡ 19 ਦੇ ਪ੍ਰਕੋਪ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਵੀ ਐਲਾਨ ਕੀਤਾ ਹੈ ਕਿ 18 ਨਵੰਬਰ ਨੂੰ ਉਹ ਅਤੇ ਉਨ੍ਹਾਂ ਦੀ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਸੀ ਭਾਵੇਂ ਇਹ ਲਾਂਘਾ ਖੋਲ੍ਹਣ ਦਾ ਫ਼ੈਸਲਾ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਉਹ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ, ਇਸ ਲਈ ਸਾਰੀਆਂ ਸੰਗਤਾਂ ਨੂੰ ਮੁਬਾਰਕਾਂ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ