ਅਸਤੀਫ਼ੇ ਮਗਰੋਂ 'ਆਪ' ਵਿਧਾਇਕਾਂ ਨੇ ਪਾਰਟੀ 'ਤੇ ਚੁੱਕੇ ਸਵਾਲ, ਰੇਤ ਮਾਫ਼ੀਆ ਨੂੰ ਲੈ ਕੇ ਵੀ ਦਿੱਤਾ ਬਿਆਨ
Sunday, Nov 01, 2026 - 05:26 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਉਸ ਸਮੇਂ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਦੋਵਾਂ ਆਗੂਆਂ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਛੱਡਣ ਦਾ ਐਲਾਨ ਕੀਤਾ। ਅਸਤੀਫ਼ੇ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਕਾਰਜ ਪ੍ਰਣਾਲੀ, ਲੀਡਰਸ਼ਿਪ ਅਤੇ ਸਰਕਾਰ ਦੇ ਕੰਮਕਾਜ 'ਤੇ ਕਈ ਸਵਾਲ ਖੜ੍ਹੇ ਕੀਤੇ। ਪਠਾਣਮਾਜਰਾ ਨੇ ਕਿਹਾ ਕਿ ਕਈ ਅਜਿਹੇ ਆਗੂ ਹਨ, ਜਿਹੜੇ ਪਹਿਲਾਂ ਉਨ੍ਹਾਂ ਦੇ ਨਾਲ ਸਹਿਮਤ ਸਨ ਅਤੇ ਇਕੱਠੇ ਚੱਲਣ ਦੀ ਗੱਲ ਕਰਦੇ ਸਨ ਪਰ ਹੁਣ ਹਾਲਾਤ ਬਦਲ ਗਏ ਹਨ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ। ਉਨ੍ਹਾਂ ਦੇ ਵਜੂਦ ਨੂੰ ਹੀ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਦੀ ਕਿਰਪਾ ਨਾਲ ਉਹ ਮੁੜ ਆਪਣੇ ਹਲਕੇ 'ਚ ਲੋਕਾਂ ਵਿਚਕਾਰ ਖੜ੍ਹੇ ਹੋਣਗੇ।
ਪਠਾਣਮਾਜਰਾ ਨੇ ਆਪਣੇ ਹਲਕੇ 'ਚ ਕਰਵਾਏ ਅਖੰਡ ਪਾਠ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿੱਚ ਹਜ਼ਾਰਾਂ ਲੋਕ ਪਹੁੰਚੇ ਸਨ। ਉਨ੍ਹਾਂ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਇਲਾਕੇ ਵਿੱਚ ਆਪਣੀ ਸਿਆਸੀ ਤਾਕਤ ਸਾਬਤ ਕਰ ਸਕਦਾ ਹੈ ਤਾਂ ਕਰਕੇ ਦਿਖਾਵੇ। ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕਾਂ ਦੇ ਸਹਿਯੋਗ ਨਾਲ ਸਿਆਸਤ ਵਿੱਚ ਅੱਗੇ ਵੱਧਣਗੇ। ਪਠਾਣਮਾਜਰਾ ਨੇ ਆਪਣੇ ਅਤੇ ਹੋਰ ਆਗੂਆਂ ਖ਼ਿਲਾਫ਼ ਲੱਗ ਰਹੇ ਰੇਤ ਮਾਫੀਆ ਦੇ ਇਲਜ਼ਾਮਾਂ ਦਾ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਰੇਆਮ ਰੇਤ ਮਾਫੀਆ ਕਿਹਾ ਜਾ ਰਿਹਾ ਹੈ ਪਰ ਜੇਕਰ ਕਿਸੇ ਕੋਲ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਆਪਣੇ ਪੱਖ ਵਿੱਚ ਰਿਕਾਰਡ ਮੌਜੂਦ ਹੈ ਅਤੇ ਉਹ ਕਿਸੇ ਵੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਆਪਣੀ ਜਾਇਦਾਦ ਅਤੇ ਆਮਦਨ ਸਬੰਧੀ ਵੀ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਅਤੇ ਜਾਇਦਾਦ ਬਾਰੇ ਵੀ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੋਈ ਸਬੂਤ ਹਨ ਤਾਂ ਸਾਹਮਣੇ ਲਿਆਂਦੇ ਜਾਣ। ਇਸ ਮੌਕੇ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪਾਰਟੀ ਅਤੇ ਸਰਕਾਰ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕੇ।
ਉਨ੍ਹਾਂ ਨੇ ਪਟਿਆਲਾ ਲੋਕ ਸਭਾ ਹਲਕੇ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮਾਣਾ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਨੇ ਪਾਰਟੀ ਲਈ ਮਿਹਨਤ ਕੀਤੀ ਅਤੇ ਚੋਣਾਂ ਵਿੱਚ ਆਪਣੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ 'ਤੇ ਹੀ ਸਵਾਲ ਖੜ੍ਹੇ ਕੀਤੇ ਜਾਣ ਤਾਂ ਇਹ ਮੰਦਭਾਗੀ ਗੱਲ ਹੈ। ਜੋੜਾਮਾਜਰਾ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਖ਼ਿਲਾਫ਼ ਕੋਈ ਇਲਜ਼ਾਮ ਹੈ ਤਾਂ ਉਸ ਬਾਰੇ ਸਬੂਤਾਂ ਸਮੇਤ ਗੱਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਅੰਦਰ ਮੰਤਰੀਆਂ ਅਤੇ ਵਿਧਾਇਕਾਂ ਦੀ ਰਾਏ ਨੂੰ ਬਣਦੀ ਅਹਿਮੀਅਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਸਮਾਣਾ ਵਿੱਚ ਹੋਈਆਂ ਕੁਝ ਘਟਨਾਵਾਂ ਅਤੇ ਚੋਣਾਂ ਦੌਰਾਨ ਦਰਜ ਹੋਏ ਮਾਮਲਿਆਂ ਦਾ ਵੀ ਜ਼ਿਕਰ ਕੀਤਾ। ਕੁੱਲ ਮਿਲਾ ਕੇ ਦੋਵਾਂ ਆਗੂਆਂ ਦੇ ਅਸਤੀਫ਼ਿਆਂ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਅੰਦਰੂਨੀ ਕਾਰਜ ਪ੍ਰਣਾਲੀ, ਸਰਕਾਰ ਦੇ ਫ਼ੈਸਲੇ ਲੈਣ ਦੇ ਤਰੀਕੇ ਅਤੇ ਪਾਰਟੀ ਵਿੱਚ ਆਗੂਆਂ ਨੂੰ ਮਿਲ ਰਹੀ ਅਹਿਮੀਅਤ ਨੂੰ ਲੈ ਕੇ ਕਈ ਸਵਾਲ ਉੱਠੇ ਹਨ। ਦੋਵਾਂ ਆਗੂਆਂ ਨੇ ਆਪਣੇ ਅਸਤੀਫ਼ਿਆਂ ਰਾਹੀਂ ਪਾਰਟੀ ਲੀਡਰਸ਼ਿਪ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਹੈ।
