''ਆਮ ਆਦਮੀ ਪਾਰਟੀ'' ਨੇ AAP ਆਗੂ ਦੇ ਕਤਲ ਮਾਮਲੇ ''ਚ ਜਤਾਇਆ ਦੁੱਖ, ਵਿਰੋਧੀ ਪਾਰਟੀਆਂ ਨੂੰ ਠਹਿਰਾਇਆ ਜ਼ਿੰਮੇਵਾਰ

Monday, Oct 07, 2024 - 08:25 PM (IST)

ਚੰਡੀਗੜ੍ਹ- 'ਆਮ ਆਦਮੀ ਪਾਰਟੀ' ਨੇ ਪੱਟੀ ਹਲਕੇ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿੱਚ ‘ਆਪ’ ਵਰਕਰ ਰਾਜਵਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਘਟਨਾ ਲਈ ਵਿਰੋਧੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 

ਸੋਮਵਾਰ ਨੂੰ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ 'ਆਪ' ਆਗੂ ਜਗਤਾਰ ਸਿੰਘ ਸੰਘੇੜਾ ਅਤੇ ਨੀਲ ਗਰਗ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਇਸ ਮਾਮਲੇ 'ਤੇ ਪ੍ਰੈੱਸ ਕਾਨਫਰੰਸ ਕੀਤੀ। ਤਿੰਨਾਂ ਆਗੂਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਰਾਜਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਅਤੇ ਪੰਜਾਬ ਸਰਕਾਰ ਇਸ ਔਖੇ ਅਤੇ ਦੁੱਖ ਦੀ ਘੜੀ ਵਿੱਚ ਰਾਜਵਿੰਦਰ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ। ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਵਿਚ ਹਰ ਸੰਭਵ ਮਦਦ ਕਰੇਗੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰੇਗੀ। 

ਉਨ੍ਹਾਂ ਕਿਹਾ ਕਿ ਅਜਿਹੀਆਂ ਅਣਸੁਖਾਵੀਂਆਂ ਘਟਨਾਵਾਂ ਤੋਂ ਬਚਣ ਲਈ ਮਾਨ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਚੋਣਾਂ ਪਾਰਟੀ ਆਧਾਰ 'ਤੇ ਨਹੀਂ ਕਰਵਾਈਆਂ ਜਾਣਗੀਆਂ। ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ ਪਾਰਟੀ ਦਾ ਨਹੀਂ ਅਤੇ ਪਿੰਡਾਂ ਵਿੱਚ ਪਾਰਟੀ ਆਧਾਰਿਤ ਦੁਸ਼ਮਣੀ ਨਹੀਂ ਹੋਣੀ ਚਾਹੀਦੀ। 

ਇਹ ਵੀ ਪੜ੍ਹੋ- ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...

ਇਸ ਮਾਮਲੇ 'ਚ ਕਈ ਥਾਵਾਂ 'ਤੇ ਸਫਲਤਾ ਵੀ ਮਿਲੀ ਹੈ। ਉੱਥੇ ਲੋਕਾਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਪੰਚ ਬਣਨ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਦੇਣ ਲਈ ਹਾਮੀ ਭਰੀ ਹੈ। ਪਰੰਤੂ ਅਜਿਹੀਆਂ ਘਟਨਾਵਾਂ ਬਹੁਤ ਦੁਖਦ ਅਤੇ ਮੰਦਭਾਗੀਆਂ ਹਨ। ਦੋ ਦਿਨ ਪਹਿਲਾਂ ਜਲਾਲਾਬਾਦ ਵਿੱਚ ਵੀ 'ਆਮ ਆਦਮੀ ਪਾਰਟੀ' ਦੇ ਇੱਕ ਵਰਕਰ ਨੂੰ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਹ ਵੀ ਲੁਧਿਆਣਾ ਦੇ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਕੰਗ ਨੇ ਇਸ ਘਟਨਾ ਲਈ ਅਕਾਲੀ-ਕਾਂਗਰਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹਾ ਕਰਨ ਵਾਲੇ ਇਨ੍ਹਾਂ ਦੋਵਾਂ ਪਾਰਟੀਆਂ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਪੰਚਾਇਤੀ ਚੋਣਾਂ ਦੌਰਾਨ ਇਨ੍ਹਾਂ ਲੋਕਾਂ ਨੇ ਵੱਡੇ ਪੱਧਰ 'ਤੇ ਹਿੰਸਾ ਕੀਤੀ ਸੀ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਦੇ ਕੇ ਅਪਰਾਧੀ ਬਣਾ ਦਿੱਤਾ ਅਤੇ ਗੈਂਗਸਟਰਵਾਦ ਪੈਦਾ ਕੀਤਾ। ਅੱਜ ਵੀ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਹ ਸਾਡੇ ਵਰਕਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ 'ਤੇ ਦੋਸ਼ ਵੀ ਲਗਾ ਰਹੇ ਹਨ। 

ਕੰਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਕਦੇ ਵੀ ਨਗਰ ਨਿਗਮ/ਕੌਂਸਲ ਅਤੇ ਸਰਪੰਚ ਦੀਆਂ ਚੋਣਾਂ ਲੋਕਤੰਤਰੀ ਅਤੇ ਸ਼ਾਂਤੀਪੂਰਨ ਢੰਗ ਨਾਲ ਨਹੀਂ ਹੋਣ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਗੁੰਡਾਗਰਦੀ ਕਰਨ ਵਾਲੇ ਵਿਰੋਧੀ ਧਿਰ ਦੇ ਆਗੂ ਕਿਸ ਦੀ ਆੜ ਵਿੱਚ ਚੋਣ ਕਮਿਸ਼ਨ ਜਾ ਰਹੇ ਕਨ ਅਤੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ ?

ਇਹ ਵੀ ਪੜ੍ਹੋ- ਕੁੜੀ ਨੂੰ ਬਾਈਕ ਨਾਲ ਘੜੀਸਣ ਵਾਲੇ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਮੁਲਜ਼ਮਾਂ ਦਾ ਹੁਣ ਕੀ ਹੋਇਆ ਹਾਲ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News