ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ‘ਆਪ’ ਨੇ ਪੂਰੇ ਪੰਜਾਬ ’ਚ ਕੀਤਾ ਰੋਸ-ਪ੍ਰਦਰਸ਼ਨ

06/15/2021 11:42:12 PM

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐੱਸ.ਸੀ. ਵਿੰਗ ਵਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਘਪਲੇ ਖ਼ਿਲਾਫ਼ ਸੂਬੇ ਭਰ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ-ਪ੍ਰਦਰਸ਼ਨ ਕੀਤੇ ਗਏ।

ਬਿਆਨ ਜਾਰੀ ਕਰਕੇ ਸੀਨੀਅਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐੱਸ.ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਵਿਚ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਰੋਸ-ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐੱਸ.ਸੀ ਐੱਸ.ਟੀ. ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਚੀਮਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ। ਉਨ੍ਹਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਚੀਮਾ ਨੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਘਪਲੇ ਬਾਰੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫ਼ੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ- ਮਾਨਵ ਨੇ ਫਿਨਲੈਂਡ ’ਚ ਕੌਂਸਲਰ ਚੋਣ ਜਿੱਤ ਕੇ ਪੰਜਾਬੀਆਂ ਦਾ ਨਾਂ ਕੀਤਾ ਰੋਸ਼ਨ : ਚਰਨਜੀਤ ਫਿਨਲੈਂਡ

ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਦਲਿਤਾਂ ਦੇ ਅਧਿਕਾਰ ਖੋਹੇ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿਚ ਘਪਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿਚ ਵੀ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।
 


Bharat Thapa

Content Editor

Related News