ਅੰਮ੍ਰਿਤਪਾਲ ਮੁੱਦੇ 'ਤੇ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਸੁਨੇਹਾ, 'ਬੇਗੁਨਾਹ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ'
Saturday, Mar 25, 2023 - 01:15 PM (IST)
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਥੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ 'ਚ ਪਿਛਲੇ ਇਕ ਹਫ਼ਤੇ ਤੋਂ ਜਿਹੜੇ ਹਾਲਾਤ ਬਣੇ ਹੋਏ ਹਨ, ਇਸ ਦੌਰਾਨ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਪੰਜਾਬ ਦੇ ਲੋਕਾਂ 'ਚ ਗਲਤ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਜਿਹੜੇ ਵੀ ਲੋਕ ਬੇਗੁਨਾਹ ਹਨ ਅਤੇ ਜਿਨ੍ਹਾਂ ਦੀ ਅੰਮ੍ਰਿਤਪਾਲ ਮਾਮਲੇ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਕੋਈ ਸ਼ਮੂਲੀਅਤ ਨਹੀਂ ਹੈ, ਉਨ੍ਹਾਂ ਲੋਕਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਵੀ ਜ਼ਿਆਦਤੀ ਜਾਂ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੇ ਲੋਕ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਹੜੇ ਲੋਕ ਬੇਗੁਨਾਹ ਹਨ, ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ : PAU 'ਚ ਲੱਗਿਆ 2 ਦਿਨਾ ਕਿਸਾਨ ਮੇਲਾ, ਖ਼ਰਾਬ ਮੌਸਮ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਪੁੱਜੇ ਕਿਸਾਨ
ਉਨ੍ਹਾਂ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਕੁੱਝ ਲੋਕਾਂ ਨੂੰ ਬੁਲਾਇਆ ਜ਼ਰੂਰ ਗਿਆ ਹੈ ਪਰ ਬੇਗੁਨਾਹ ਲੋਕਾਂ ਦੇ ਖ਼ਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਜੇਕਰ ਪੰਜਾਬ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਅਜਿਹੇ ਹਾਲਾਤ ਦੌਰਾਨ ਬੇਗੁਨਾਹ ਲੋਕਾਂ 'ਤੇ ਵੀ ਪਰਚੇ ਪਾਏ ਗਏ ਹਨ ਅਤੇ ਖ਼ੂਨ-ਖ਼ਰਾਬਾ ਵੀ ਹੋਇਆ ਪਰ ਇਸ ਪੂਰੇ ਆਪਰੇਸ਼ਨ ਦੌਰਾਨ ਨਾ ਕੋਈ ਗੋਲੀ ਚਲਾਈ ਗਈ ਅਤੇ ਨਾ ਹੀ ਚਲਾਉਣ ਦਿੱਤੀ ਗਈ। ਕਿਸੇ ਤਰ੍ਹਾਂ ਦਾ ਕੋਈ ਖ਼ੂਨ-ਖ਼ਰਾਬਾ ਨਹੀਂ ਹੋਇਆ ਅਤੇ ਪੂਰੀ ਕੋਸ਼ਿਸ਼ ਰਹੀ ਹੈ ਕਿ ਆਮ ਨਾਗਰਿਕ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਗੁਨਾਹਗਾਰ ਬਚ ਨਾ ਸਕੇ। ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਮਾਮਲੇ 'ਚ ਜੇਕਰ ਕਿਸੇ ਵਿਅਕਤੀ ਦਾ ਇਰਾਦਾ ਗਲਤ ਨਹੀਂ ਹੈ ਅਤੇ ਉਸ ਦੀ ਇਸ ਮਾਮਲੇ 'ਚ ਕੋਈ ਸ਼ਮੂਲੀਅਤ ਨਹੀਂ ਹੈ, ਉਸ ਨੂੰ ਸਿਰਫ ਜਾਂਚ ਲਈ ਬੁਲਾਇਆ ਜਾ ਰਿਹਾ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਅਫ਼ਵਾਹਾਂ 'ਚ ਆਉਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਦੀ ਇਸ ਵਾਇਰਲ ਫੋਟੋ ਦਾ ਅਸਲ ਸੱਚ ਆਇਆ ਸਾਹਮਣੇ, ਦੇਖੋ ਪੂਰੀ ਵੀਡੀਓ
ਉਨ੍ਹਾਂ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਹਰ ਉਹ ਵਿਅਕਤੀ ਪ੍ਰਤੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ, ਜਿਹੜਾ ਪੰਜਾਬ ਦੀ ਤਰੱਕੀ 'ਚ ਅਤੇ ਦੇਸ਼ ਦੀ ਅਖੰਡਤਾ 'ਚ ਭਰੋਸਾ ਰੱਖਦਾ ਹੈ। ਉਸ ਨਾਲ ਕਿਸੇ ਤਰ੍ਹਾਂ ਦੀ ਕੋਈ ਜ਼ਿਆਦਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਈਚਾਰੇ ਨੂੰ ਬਰਕਰਾਰ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਜਿਹੜੇ ਲੋਕ ਧਰਮ ਅਤੇ ਫ਼ਿਰਕਾਪ੍ਰਸਤੀ ਦੇ ਨਾਂ 'ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਗਲਤ ਰਾਹ 'ਤੇ ਪਾਉਣਾ ਚਾਹੁੰਦੇ ਹਨ, ਉਨ੍ਹਾਂ ਤੋਂ ਬਚਣ ਦੀ ਲੋੜ ਹੈ। ਕਿਸੇ ਵੀ ਉਸ ਸਾਜ਼ਿਸ਼ ਦਾ ਹਿੱਸਾ ਪੰਜਾਬੀਆਂ ਨੇ ਨਹੀਂ ਬਣਨਾ, ਜਿਸ ਨਾਲ ਪੰਜਾਬ ਅਤੇ ਪੰਜਾਬੀਆਂ ਦਾ ਨੁਕਸਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਬੇਗੁਨਾਹ ਵਿਅਕਤੀ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਉਮੀਦ ਹੈ ਕਿ ਬੇਹੱਦ ਜਲਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ