‘ਆਪ’ ਨੇ ਸਥਾਨਕ ਸਰਕਾਰਾਂ ਚੋਣ ਪ੍ਰਕਿਰਿਆ ’ਤੇ ਚੁੱਕੇ ਸਵਾਲ

Sunday, Jan 17, 2021 - 03:32 PM (IST)

‘ਆਪ’ ਨੇ ਸਥਾਨਕ ਸਰਕਾਰਾਂ ਚੋਣ ਪ੍ਰਕਿਰਿਆ ’ਤੇ ਚੁੱਕੇ ਸਵਾਲ

ਚੰਡੀਗੜ੍ਹ (ਰਮਨਜੀਤ) : ਸੂਬਾ ਚੋਣ ਕਮਿਸ਼ਨ ਵਲੋਂ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਇਸ਼ਾਰਿਆਂ ’ਤੇ ਚੱਲਦੇ ਹੋਏ ਵੋਟਿੰਗ ਅਤੇ ਨਤੀਜਿਆਂ ਦਰਮਿਆਨ ਤਿੰਨ ਦਿਨ ਦਾ ਵਕਫਾ ਰੱਖਿਆ ਹੈ, ਜਿਸ ਨਾਲ ਕਿ ਇਨ੍ਹਾਂ ਚੋਣਾਂ ਵਿਚ ਸਰਕਾਰ ਵਲੋਂ ਧਾਂਦਲੀ ਕੀਤੇ ਜਾਣ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜੇ ਐਲਾਨਣ ’ਚ ਇੰਨਾ ਲੰਬਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀਆਂ ਦੇ ਨਕਸ਼ੇ ਕਦਮ ’ਤੇ ਚੱਲਦੀ ਹੋਈ ਇਨ੍ਹਾਂ ਚੋਣਾਂ ਨੂੰ ਸੱਤਾ ਦੇ ਜ਼ੋਰ ਨਾਲ ਲੁੱਟਣਾ ਚਾਹੁੰਦੀ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਹਰ ਵਾਰਡ ਵਿਚ 3500 ਦੇ ਕਰੀਬ ਵੋਟਰ ਹੁੰਦੇ ਹਨ ਅਤੇ ਇੰਨੀਆਂ ਵੋਟਾਂ ਦੀ ਗਿਣਤੀ ਲਈ ਦੋ ਘੰਟੇ ਤੋਂ ਵੱਧ ਸਮਾਂ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਉਸ ਦਿਨ ਨਤੀਜੇ ਨਾ ਐਲਾਨ ਕੇ ਸਰਕਾਰ ਲੋਕਾਂ ਨਾਲ ਧੱਕਾ ਕਰਨ ਜਾ ਰਹੀ ਹੈ। ਅਸਲ ਵਿਚ ਕੈਪਟਨ ਸਰਕਾਰ ਇਸ ਗੱਲ ਤੋਂ ਜਾਣੂੰ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਕਾਰਨ ਲੋਕਾਂ ’ਚ ਸਰਕਾਰ ਖ਼ਿਲਾਫ਼ ਗੁੱਸਾ ਹੈ। ਆਪਣੀ ਹਾਰ ਨੂੰ ਵੇਖਦੇ ਹੋਏ ਸਰਕਾਰ ਗਲਤ ਤਰੀਕੇ ਨਾਲ ਜਿੱਤ ਪ੍ਰਾਪਤ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ  

ਦੱਸਣਯੋਗ ਹੈ ਕਿ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਵੱਲੋਂ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ 14 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਐਲਾਨ ਹੋਣ ਦੇ ਨਾਲ ਹੀ ਸੂਬੇ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਾਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕੰਮ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।  

ਇਹ ਵੀ ਪੜ੍ਹੋ : ਵਿਆਹ ਵਾਲੀਆਂ ਗੱਡੀਆਂ ’ਤੇ ਕਿਸਾਨੀ ਝੰਡਿਆਂ ਦਾ ਵਧਿਆ ਰੁਝਾਨ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 
 


author

Anuradha

Content Editor

Related News