'ਆਪ' ਦੀ ਮੰਗ , ਗੁੰਮ ਹੋਏ ਸਰੂਪਾਂ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾਂ ਤੋਂ ਕਰਵਾਈ ਜਾਵੇ

11/09/2020 1:18:27 PM

ਚੰਡੀਗੜ੍ਹ (ਰਮਨਜੀਤ)   ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾਂ ਬਾਰੇ ਕੋਈ ਥਹੁ ਪਤਾ ਨਾ ਲੱਗਣ ਅਤੇ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਸਿੱਖ ਸੰਗਤ ’ਚ ਵਧ ਰਹੇ ਰੋਸ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ ’ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪਾਸੋਂ ਸੰਗਤ ਦੀ ਇੱਛਾ ਅਨੁਸਾਰ ਤਸੱਲੀਬਖ਼ਸ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਵੀ ਮੁੱਦਾ ਨਾ ਸੁਲਝਣ ਕਾਰਨ ਇਹ ਗੁੱਸਾ ਹੋਰ ਵਧ ਰਿਹਾ ਹੈ, ਜਿਸ ਨਾਲ ਕਿ ਆਉਣ ਵਾਲੇ ਸਮੇਂ ’ਚ ਸਥਿਤੀ ਤਣਾਅਪੂਰਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ’ਚ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾਂ ਦੇ ਪੈਨਲ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ ਭਾਜਪਾ : ਭਾਣੂ ਪ੍ਰਤਾਪ ਰਾਣਾ

ਸੰਧਵਾਂ ਨੇ ਕਿਹਾ ਕਿ ਪ੍ਰਸ਼ਾਸਨ, ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਦੋਸ਼ੀਆਂ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਪਿਛਲੇ ਕਈ ਪ੍ਰਧਾਨ ਹਮੇਸ਼ਾ ਹੀ ਬਾਦਲਾਂ ਦੇ ਹੱਥ ਠੋਕੇ ਬਣ ਕੇ ਕਾਰਜ ਕਰਦੇ ਰਹੇ ਹਨ ਅਤੇ ਉਹ ਹੁਣ ਭ੍ਰਿਸ਼ਟਾਚਾਰ ਦੇ ਮੁਜੱਸਮੇ ਬਣ ਚੁੱਕੇ ਹਨ। ਇਸ ਦੀ ਤਾਜ਼ਾ ਉਦਾਹਰਣ ਬਾਦਲਾਂ ਦੇ ਕਰੀਬੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਸ਼ਮੂਲੀਅਤ ਅਤੇ ਗੁਰਦੁਆਰਾ ਸਾਹਿਬ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ’ਚ ਅਦਾਲਤ ਵਲੋਂ ਉਸ ਉਪਰ ਕੇਸ ਦਰਜ ਕਰਨ ਦੇ ਹੁਕਮ ਦੇਣ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਮਿਲੇ ਹੋਏ ਹਨ ਅਤੇ ਹਮੇਸ਼ਾ ਇਕ-ਦੂਜੇ ਨੂੰ ਬਚਾਉਣ ਦਾ ਯਤਨ ਕਰਦੇ ਰਹਿੰਦੇ ਹਨ। ਸਮੁੱਚਾ ਸਿੱਖ ਜਗਤ ਇਸ ਗੱਲ ਤੋਂ ਜਾਣੂ ਹੈ ਕਿ ਇਸ ਮਾਮਲੇ ਵਿਚ ਕੌਣ ਦੋਸ਼ੀ ਹੈ, ਇਸ ਲਈ ਜਥੇਦਾਰ ਸਾਹਿਬ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ


Anuradha

Content Editor

Related News