'ਆਪ' ਦਾ ਬਾਗੀ ਧੜਾ ਬਣਾ ਸਕਦੈ ਨਵੀਂ ਪਾਰਟੀ, ਜਗਮੀਤ ਬਰਾੜ ਦੇ ਵੀ ਸ਼ਾਮਲ ਹੋਣ ਦੀ ਚਰਚਾ
Friday, Oct 26, 2018 - 10:14 AM (IST)
ਚੰਡੀਗੜ੍ਹ— ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਬਾਗੀ ਧੜਾ ਨਵੀਂ ਪਾਰਟੀ ਬਣਾ ਸਕਦਾ ਹੈ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ, ਰਾਜਨੀਤਕ ਹਲਕਿਆਂ 'ਚ ਚਰਚਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਧੜੇ ਵੱਲੋਂ ਇਹ ਸਿਆਸੀ ਪਾਰਟੀ ਬਣਾਈ ਜਾ ਰਹੀ ਹੈ, ਜਿਸ ਦੀ ਅਗਵਾਈ ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਕਰ ਰਹੇ ਹਨ। ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਸ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਵਿਚਾਰਾਂ ਚੱਲ ਰਹੀਆਂ ਹਨ। ਪਾਰਟੀ ਦੀ ਏਕਤਾ ਲਈ 23 ਅਕਤੂਬਰ ਨੂੰ 'ਆਪ' ਦੇ ਦੋਹਾਂ ਧੜਿਆਂ ਦਰਮਿਆਨ ਚੰਡੀਗੜ੍ਹ ਵਿਚ ਮੀਟਿੰਗ ਹੋਈ ਸੀ ਪਰ ਇਸ ਮੀਟਿੰਗ ਦੌਰਾਨ ਏਕਤਾ ਦਾ ਐਲਾਨ ਨਹੀਂ ਕੀਤਾ ਜਾ ਸਕਿਆ। ਇਸ ਪਲੇਠੀ ਏਕਤਾ ਮੀਟਿੰਗ ਦੌਰਾਨ ਜਿਹੜੇ ਤੱਥ ਉੱਭਰੇ ਹਨ, ਉਨ੍ਹਾਂ ਨੂੰ ਦੇਖਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਅੰਦਰ ਏਕੇ ਦੀਆਂ ਸੰਭਾਵਨਾਵਾਂ ਮੱਧਮ ਪੈ ਗਈਆਂ ਹਨ ਅਤੇ ਨਵੀਂ ਪਾਰਟੀ ਬਣਾਉਣ ਦਾ ਵਿਚਾਰ ਸ਼ੁਰੂ ਹੋ ਗਿਆ ਹੈ।
ਇਹ ਵੀ ਦੱਸਣਾ ਹੈ ਕਿ ਨਵੀਂ ਪਾਰਟੀ ਦਾ ਨਾਮ 'ਪੰਜਾਬ ਏਕਤਾ ਪਾਰਟੀ' ਰੱਖਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਖਹਿਰਾ ਨੂੰ ਇਸ ਪਾਰਟੀ ਦਾ ਪ੍ਰਧਾਨ ਬਣਾਉਣ ਬਾਰੇ ਚਰਚਾ ਚੱਲ ਰਹੀ ਹੈ।ਰਿਪੋਰਟ ਮੁਤਾਬਕ, ਖਹਿਰਾ ਵਿਧਾਇਕ ਵਜੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਦੀ ਵਾਗਡੋਰ ਸੰਭਾਲ ਸਕਦੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਸੰਸਦੀ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਉਮੀਦਵਾਰ ਵੀ ਹੋ ਸਕਦੇ ਹਨ।
ਨਵੀਂ ਪਾਰਟੀ ਵਿਚ ਧਰਮਵੀਰ ਗਾਂਧੀ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਗਾਂਧੀ ਨਾਲ ਇਸ ਸੰਬੰਧੀ ਪਹਿਲੇ ਗੇੜ ਦੀ ਗੱਲ ਵੀ ਹੋ ਚੁੱਕੀ ਹੈ। ਰਿਪੋਰਟ ਮੁਤਾਬਕ, ਗਾਂਧੀ ਨੂੰ ਸੰਗਰੂਰ ਸੰਸਦੀ ਹਲਕੇ ਤੋਂ ਭਗਵੰਤ ਮਾਨ ਖਿਲਾਫ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ।ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ, ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੂੰ ਵੀ ਪਾਰਟੀ ਦਾ ਹਿੱਸਾ ਬਣਾਉਣ ਬਾਰੇ ਵਿਚਾਰ ਕੀਤਾ ਗਿਆ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੌਰਾਨ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਨ ਦੀ ਵੀ ਰਣਨੀਤੀ ਬਣਾਈ ਜਾ ਰਹੀ ਹੈ।ਰਿਪੋਰਟ ਮੁਤਾਬਕ ਬਾਗੀ ਵਿਧਾਇਕਾਂ ਕੰਵਰ ਸੰਧੂ ਅਤੇ ਮਾਸਟਰ ਬਲਦੇਵ ਸਿੰਘ ਨੂੰ ਵੀ ਲੋਕ ਸਭਾ ਚੋਣਾਂ ਦੌਰਾਨ ਕਿਸਮਤ ਅਜਮਾਉਣ ਲਈ ਚੋਣ ਮੈਦਾਨ ਵਿਚ ਲਿਆਂਦਾ ਜਾ ਰਿਹਾ ਹੈ।
