ਸਫ਼ਾਈ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਦੇ ਮਾਮਲੇ ’ਤੇ ‘ਆਪ’ ਘੇਰੇਗੀ ਰਾਜਕੁਮਾਰ ਵੇਰਕਾ ਦਾ ਘਰ
Monday, Jun 28, 2021 - 01:59 AM (IST)
ਚੰਡੀਗੜ੍ਹ/ਅੰਮ੍ਰਿਤਸਰ (ਰਮਨਜੀਤ)- ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਸੋਮਵਾਰ ਨੂੰ ਵਿਧਾਇਕ ਰਾਜਕੁਮਾਰ ਵੇਰਕਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਘਿਰਾਓ ਦੀ ਅਗਵਾਈ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਕਰਨਗੇ। ‘ਆਪ’ ਨੇ ਵੇਰਕਾ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਝੂਠ ਬੋਲਿਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੋਰ ਸਾਰੇ ਵਰਗਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਪਲ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਵਾਲੇ ਸਫਾਈ ਕਰਮਚਾਰੀਆਂ ਨੂੰ ਵੀ ਝੂਠ ਬੋਲ ਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ
ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਰਾਜਕੁਮਾਰ ਵੇਰਕਾ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਅਜੇ ਕੋਈ ਪਾਲਿਸੀ ਲਿਆਂਦੀ ਹੈ ਤੇ ਨਾ ਹੀ ਪੰਜਾਬ ਦੀ ਕੈਬਨਿਟ ਵਿਚ ਇਸ ਨੂੰ ਵਿਚਾਰਿਆ ਗਿਆ ਹੈ। ਅਜਿਹੇ ਹਾਲਾਤਾਂ ਵਿੱਚ ਰਾਜਕੁਮਾਰ ਵੇਰਕਾ ਸਿਰਫ਼ ਵੋਟਾਂ ਦੀ ਰਾਜਨੀਤੀ ਕਰਦੇ ਹੋਏ ਸੂਬੇ ਭਰ ਦੇ ਸਫਾਈ ਕਰਮਚਾਰੀਆਂ ਨੂੰ ਪਾਗਲ ਬਣਾਉਣ ਦੇ ਯਤਨ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਝੂਠ ਬੋਲ ਕੇ ਉਨ੍ਹਾਂ ਦਾ ਮਜ਼ਾਕ ਉਡਾਉਣ ਲਈ ਵੇਰਕਾ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।