ਪਿੰਡ ਨਾਨਕਸਰ ਨੇੜੇ ਭਿਆਨਕ ਹਾਦਸਾ, ਐਂਬੂਲੈਂਸ ਦੇ ਡਰਾਈਵਰ ਦੀ ਮੌਤ
Thursday, Aug 07, 2025 - 05:52 PM (IST)

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਜੈਤੋ ਰੋਡ ''ਤੇ ਸਥਿਤ ਪਿੰਡ ਨਾਨਕਸਰ ਨੇੜੇ ਇਕ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨੈਬ ਸਿੰਘ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਜੋ ਕਿ ਕੋਟਕਪੂਰਾ ਦੇ ਸਿਵਲ ਹਸਪਤਾਲ ਦੀ ਐਂਬੂਲੈਂਸ ਚਲਾਉਂਦਾ ਹੈ, ਅੱਜ ਸਵੇਰੇ ਆਪਣੇ ਘਰ ਤੋਂ ਸਿਵਲ ਹਸਪਤਾਲ ਕੋਟਕਪੂਰਾ ਮੋਟਰਸਾਈਕਲ ''ਤੇ ਆ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਪਿੰਡ ਨਾਨਕਸਰ ਨੇੜੇ ਪੁੱਜਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਪ੍ਰਤੱਖ ਦਰਸ਼ੀਆਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਗਰਨੈਬ ਸਿੰਘ ਦੀ ਮੌਕੇ ''ਤੇ ਹੀ ਮੌਤ ਹੋ ਗਈ ਅਤੇ ਕਾਰ ਵੀ ਬੇਕਾਬੂ ਹੋ ਕੇ ਖੇਤਾਂ ਵਿਚ ਜਾ ਡਿੱਗੀ। ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਉਸਦੇ ਨਾਲ ਕਾਰ ਵਿਚ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ''ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਸ ਪਾਰਟੀ ਤੁਰੰਤ ਮੌਕੇ ''ਤੇ ਪੁੱਜੀ ਅਤੇ ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਇਸ ਸਬੰਧ ਵਿਚ ਘਟਨਾ ਸਥਾਨ ''ਤੇ ਪੁੱਜੇ ਥਾਣਾ ਸਿਟੀ ਕੋਟਕਪੂਰਾ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।