ਸਮਾਣਾ ’ਚ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
Monday, Mar 14, 2022 - 06:09 PM (IST)
 
            
            ਸਮਾਣਾ (ਦਰਦ, ਅਸ਼ੋਕ) : ਸਮਾਣਾ-ਭਵਾਨੀਗੜ੍ਹ ਸੜਕ ’ਤੇ ਪਿੰਡ ਫਤਿਹਗੜ੍ਹ ਛੰਨਾ ਨੇੜੇ ਕਾਰ ਅਤੇ ਮੋਟਰਸਾਈਕਲ ਵਿਚ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਦਸੇ ਉਪਰੰਤ ਚਾਲਕ ਕਾਰ ਸਣੇ ਫਰਾਰ ਹੋਣ ਵਿਚ ਸਫਲ ਰਿਹਾ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਗਾਜੇਵਾਸ ਪੁਲਸ ਦੇ ਏ. ਐੱਸ. ਆਈ. ਜਸਵੰਤ ਸਿੰਘ ਵਿਰਕ ਨੇ ਦੱਸਿਆ ਕਿ ਅੰਗਰੇਜ ਸਿੰਘ ਨਿਵਾਸੀ ਰੇਤਗੜ੍ਹ ਵੱਲੋਂ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਆਪਣੇ ਦੋ ਨੌਕਰ ਸਤਨਾਮ ਸਿੰਘ (20) ਪੁੱਤਰ ਸੁਰਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ (24) ਪੁੱਤਰ ਮਿਸ਼ਰਾ ਸਿੰਘ ਨਿਵਾਸੀ ਪਿੰਡ ਰੇਤਗੜ੍ਹ ਨਾਲ ਭਵਾਨੀਗੜ੍ਹ ਨੇਡਲੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਖੇਤਾਂ ਵਿਚੋਂ ਟਿਊਬਵੈੱਲ ਬੋਰ ਦਾ ਕੰਮ ਕਰਕੇ ਆਪਣੇ ਪਿੰਡ ਵਾਪਸ ਆ ਰਹੇ ਸੀ ,ਕਿ ਪਿੰਡ ਗਾਜੇਵਾਸ ਨੇੜੇ ਚੋਏ ਦੇ ਪੁਲ ’ਤੇ ਸਾਹਮਣੇ ਤੋਂ ਆ ਰਹੇ ਕਾਰ ਚਾਲਕ ਨੇ ਆਪਣੀ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਸੜਕ ਕਿਨਾਰੇ ਡਿੱਗ ਕੇ ਜ਼ਖਮੀ ਹੋ ਗਿਆ ਜਦੋਂ ਕਿ ਉਸ ਨਾਲ ਮੋਟਰਸਾਈਕਲ ’ਤੇ ਸਵਾਰ ਦੋਵੇਂ ਨੌਜਵਾਨ ਸੜਕ ਦੇ ਉੱਪਰ ਡਿੱਗ ਗਏ ਅਤੇ ਕਾਰ ਨਾਲ ਕੁਚਲੇ ਜਾਣ ਨਾਲ ਦੋਵਾਂ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ, ਜਦਕਿ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            