ਐਕਟਿਵਾ ਸਵਾਰ ਕੁੜੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ
Sunday, Sep 15, 2024 - 11:18 AM (IST)
ਲੁਧਿਆਣਾ (ਸ਼ਿਵਮ) : ਥਾਣਾ ਮਿਹਰਬਾਨ ਦੀ ਪੁਲਸ ਨੇ ਐਕਟਿਵਾ ਸਵਾਰ ਕੁੜੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸਰਬਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਜੀਵਨਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਕੁੜੀ ਲਵਲੀ 22 ਅਗਸਤ ਨੂੰ ਆਪਣੀ ਐਕਟਿਵਾ ’ਤੇ ਕਾਲਜ ਤੋਂ ਪੜ੍ਹ ਕੇ ਵਾਪਸ ਘਰ ਆ ਰਹੀ ਸੀ।
ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਦੀ ਧੀ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕੁੜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਇਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਕੁੜੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਜਾਂਚ ਅਧਿਕਾਰੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਭੁਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਰਕਿਸ਼ਨ ਵਿਹਾਰ, ਰਾਹੋਂ ਰੋਡ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਮੁਲਜ਼ਮ ਅਜੇ ਤੱਕ ਫ਼ਰਾਰ ਦੱਸਿਆ ਜਾ ਰਿਹਾ ਹੈ।