ਕਾਰ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

Monday, Oct 14, 2024 - 05:03 PM (IST)

ਅਬੋਹਰ (ਸੁਨੀਲ) : ਬੀਤੀ ਰਾਤ ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ’ਤੇ ਪਿੰਡ ਗਿੱਦੜਾਵਾਲੀ ਦੇ ਟੋਲ ਪਲਾਜ਼ਾ ਨੇੜੇ ਇਕ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜਦ ਉਹ ਸੈਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਪਰਿਵਾਰਕ ਮੈਂਬਰਾਂ ਨੇ ਗੁੱਸੇ ’ਚ ਟੋਲ ਪਲਾਜ਼ਾ ’ਤੇ ਧਰਨਾ ਲਗਾ ਦਿੱਤਾ। ਜਾਣਕਾਰੀ ਅਨੁਸਾਰ ਕਰੀਬ 27 ਸਾਲਾ ਦੀਪੂ ਪੁੱਤਰ ਭਰਤ ਰਾਮ, ਜੋ ਕਿ ਦੋ ਬੱਚਿਆਂ ਦਾ ਪਿਤਾ ਸੀ ਬੀਤੀ ਰਾਤ ਕਰੀਬ 10 ਵਜੇ ਗਿੱਦੜਾਵਾਲੀ ਮੁੱਖ ਸੜਕ ਦੇ ਕਿਨਾਰੇ ਪੈਦਲ ਜਾ ਰਿਹਾ ਸੀ ਕਿ ਹਨ੍ਹੇਰਾ ਹੋਣ ਕਾਰਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਫ਼ਰਾਰ ਹੋ ਗਿਆ।

ਕਾਰ ਦੀ ਟੱਕਰ ਕਾਰਨ ਦੀਪੂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ, ਪਿੰਡ ਵਾਸੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਜਿਨ੍ਹਾਂ ਵੱਲੋਂ ਇਥੇ ਲਾਈਟਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਇਸ ਮਾਰਗ ’ਤੇ ਪੁਲ ਬਣਾਉਣ ਅਤੇ ਲਾਈਟਾਂ ਲਾਉਣ ਦੀ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਇਸ ਮੰਗ ਨੂੰ ਲੈ ਕੇ ਉਨ੍ਹਾਂ ਟੋਲ ਪਲਾਜ਼ਾ ਨੇੜੇ ਧਰਨਾ ਦਿੱਤਾ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਉਹ ਅਪਣਾ ਧਰਨਾ ਨਹੀਂ ਚੁਕਣਗੇ।


Babita

Content Editor

Related News