ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
Saturday, Jun 27, 2026 - 10:48 AM (IST)
ਬਠਿੰਡਾ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ, ਥਾਣਾ ਸੰਗਤ ਦੀ ਪੁਲਸ ਅਤੇ ਸੰਗਤ ਸਹਾਰਾ ਟੀਮ ਦੇ ਵਾਲੰਟੀਅਰ ਸਿਕੰਦਰ ਮਛਾਣਾ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਪੁਲਸ ਦੀ ਮੌਜੂਦਗੀ ’ਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਗਿਆ।
ਸੰਗਤ ਸਹਾਰਾ ਟੀਮ ਦੇ ਵਾਲੰਟੀਅਰ ਸਿਕੰਦਰ ਮਛਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਗੁਰੂਸਰ ਸੈਣੇਵਾਲਾ ਨੇੜੇ ਇਕ ਵਿਅਕਤੀ ਸੜਕ ’ਤੇ ਡਿੱਗਿਆ ਪਿਆ ਹੈ। ਜਦੋਂ ਉਹ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਥਾਣਾ ਸੰਗਤ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਠਿੰਡਾ ਸ਼ਹਿਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜਦੋਂ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਉਨ੍ਹਾਂ ਦੇ ਮੋਬਾਇਲ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਈ ਵਾਰ ਘੰਟੀ ਵੱਜਣ ਦੇ ਬਾਵਜੂਦ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਕੁੱਝ ਸਮੇਂ ਬਾਅਦ ਉਨ੍ਹਾਂ ਦਾ ਮੋਬਾਇਲ ਵੀ ਬੰਦ ਆਉਣ ਲੱਗ ਪਿਆ, ਜਿਸ ਕਾਰਨ ਅਧਿਕਾਰਕ ਪੱਖ ਨਹੀਂ ਮਿਲ ਸਕਿਆ।
