ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ

Saturday, Nov 07, 2026 - 10:58 AM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ

ਗੁਰੂਹਰਸਹਾਏ (ਪਵਨ ਸਿਕਰੀ) : ਗੁਰੂਹਰਸਹਾਏ ਵਿਖੇ ਇਕ ਦਰਦਨਾਕ ਸੜਕ ਹਾਦਸੇ 'ਚ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਸੁਰਜੀਤ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ, ਥਾਣਾ ਸਾਦਿਕ, ਜ਼ਿਲ੍ਹਾ ਫ਼ਰੀਦਕੋਟ ਨੇ ਦੱਸਿਆ ਕਿ ਉਸ ਦਾ 19 ਸਾਲਾ ਪੁੱਤਰ ਰਸ਼ਨਪ੍ਰੀਤ ਸਿੰਘ ਗੁੱਦੜਢੰਡੀ ਰੋਡ ਗੁਰੂਹਰਸਹਾਏ ਸਥਿਤ ਨਿਆਰਾ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ।

ਮਿਤੀ 5 ਨਵੰਬਰ 2026 ਨੂੰ ਜਦੋਂ ਉਹ ਡਿਊਟੀ ਖ਼ਤਮ ਕਰਕੇ ਪੈਟਰੋਲ ਪੰਪ ਤੋਂ ਆਪਣੇ ਘਰ ਜਾ ਰਿਹਾ ਸੀ, ਤਾਂ ਬਸਤੀ ਕੇਸਰ ਸਿੰਘ ਵਾਲੀ ਦੇ ਨੇੜੇ ਪਹੁੰਚਣ ’ਤੇ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਇਸ ਭਿਆਨਕ ਹਾਦਸੇ ਵਿਚ ਰਸ਼ਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News