ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Tuesday, Nov 24, 2026 - 11:00 AM (IST)

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਗੁਰੂਹਰਸਹਾਏ (ਪਵਨ ਸਿਕਰੀ) : ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਜੀ. ਟੀ. ਰੋਡ ’ਤੇ ਪਿੰਡ ਗੁੱਦੜ ਢੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪੁਲਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ 106(1), 281 ਅਤੇ 324(4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਆਕਾਸ਼ਦੀਪ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਗੁੱਦੜ ਢੰਡੀ ਅਤੇ ਉਸ ਦਾ ਭਰਾ ਮਨਜੀਤ ਸਿੰਘ ਮਿਤੀ 22 ਨਵੰਬਰ 2026 ਨੂੰ ਸ਼ਾਮ ਕਰੀਬ 7.40 ਵਜੇ ਆਪਣੇ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਿੰਡ ਗੁੱਦੜ ਢੰਡੀ ਵੱਲ ਜਾ ਰਹੇ ਸਨ। ਜਦੋਂ ਮਨਜੀਤ ਸਿੰਘ ਬੱਸ ਅੱਡਾ ਗੁੱਦੜ ਢੰਡੀ ਦੇ ਨੇੜੇ ਪੁੱਜਾ, ਤਾਂ ਫ਼ਿਰੋਜ਼ਪੁਰ ਵਾਲੇ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਚਲਾਈ ਜਾ ਰਹੀ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਾਰਨ ਉਪਰੰਤ ਕਾਰ ਚਾਲਕ ਆਪਣੀ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਮਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News