ਅਣਪਛਾਤੇ ਵਾਹਨ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਫੇਟ
Monday, Jul 17, 2023 - 02:59 PM (IST)
ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਗੌਂਸਗੜ੍ਹ ਦੇ ਰਹਿਣ ਵਾਲੇ ਬਾਲ ਕਿਸ਼ਨ ਪੁੱਤਰ ਕਾਂਤਾ ਪ੍ਰਸਾਦ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦਾ ਵੱਡਾ ਭਰਾ ਇੰਦਰ ਮਨੀ (38) 13 ਜੁਲਾਈ ਦੀ ਰਾਤ ਨੂੰ ਆਪਣੇ ਕੰਮ ਤੋਂ ਛੁੱਟੀ ਕਰ ਕੇ ਘਰ ਵਾਪਸ ਆ ਰਿਹਾ ਸੀ।
ਜਦ ਉਹ ਪਿੰਡ ਕੱਕਾ ਤੋਂ ਪੀਰਾ ਵਾਲੀ ਰੋਡ ’ਤੇ ਜਾ ਰਿਹਾ ਸੀ ਤਾਂ ਉੱਥੇ ਕਿਸੇ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਉਸ ਦੇ ਭਰਾ ਨੂੰ ਫੇਟ ਮਾਰ ਦਿੱਤੀ, ਜਿਸ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਵਾਹਨ ਲੈ ਕੇ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਉਸ ਦਾ ਭਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ’ਚ ਲਿਜਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ 14 ਜੁਲਾਈ ਨੂੰ ਉਸ ਦੀ ਮੌਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।