ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ
Tuesday, Sep 08, 2026 - 03:10 PM (IST)
ਮੋਗਾ (ਕਸ਼ਿਸ਼): ਮੋਗਾ ਦੇ ਜੀਰਾ ਰੋਡ ’ਤੇ ਸੋਮਵਾਰ ਨੂੰ ਈ-ਰਿਕਸ਼ਾ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਹਾਦਸਾ ਵਾਪਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ, ਜਦਕਿ ਈ-ਰਿਕਸ਼ਾ ਵੀ ਸੜਕ ’ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਮੋਗਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ।
ਫਾਇਰ ਬ੍ਰਿਗੇਡ ਅਧਿਕਾਰੀ ਹਰਮਨਵੀਰ ਨੇ ਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੌਰਾਨ ਮੋਟਰਸਾਈਕਲ ਨੂੰ ਲੱਗੀ ਅੱਗ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਲਗਭਗ ਪੂਰੀ ਤਰ੍ਹਾਂ ਸੜ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਟੱਕਰ ਕਾਰਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਹਾਦਸੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਾਹਨਾਂ ਸਬੰਧੀ ਫਿਲਹਾਲ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਹਾਦਸੇ ਤੋਂ ਬਾਅਦ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਮਾਮਲੇ ਦੀ ਪੂਰੀ ਜਾਣਕਾਰੀ ਸਬੰਧਤ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
