ਪੰਜਾਬ ਤੋਂ ਹਰਿਦੁਆਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ! 2 ਦੀ ਮੌਤ, 15 ਤੋਂ ਵੱਧ ਜ਼ਖ਼ਮੀ
Sunday, Aug 16, 2026 - 04:25 PM (IST)
ਫ਼ਤਿਹਗੜ੍ਹ ਸਾਹਿਬ (ਵਿਪਨ): ਸਰਹਿੰਦ ਦੇ ਮਾਧੋਪੁਰ ਚੌਕ ਦੇ ਨੇੜੇ ਇਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਲੁਧਿਆਣਾ ਤੋਂ ਹਰਿਦੁਆਰ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਇਕ ਛੋਟੇ ਹਾਥੀ ਦੀ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ 28 ਸਾਲਾ ਨੌਜਵਾਨ ਅਤੇ 12 ਸਾਲਾ ਬੱਚੇ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ 15 ਤੋਂ 16 ਸ਼ਰਧਾਲੂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਬਲੂ ਕੁਮਾਰ (28) ਅਤੇ ਅਸ਼ੀਸ਼ ਕੁਮਾਰ (12) ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ, ਜਿੱਥੋਂ ਕੁਝ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਤਿਲਕ ਰਾਜ ਅਨੁਸਾਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
