ਸਰਹਿੰਦ ਹਾਈਵੇਅ ''ਤੇ ਭਿਆਨਕ ਸੜਕ ਹਾਦਸਾ! 2 ਨੌਜਵਾਨਾਂ ਦੀ ਦਰਦਨਾਕ ਮੌਤ
Sunday, Sep 13, 2026 - 08:19 PM (IST)
ਫ਼ਤਿਹਗੜ੍ਹ ਸਾਹਿਬ (ਵਿਪਨ): ਸਰਹਿੰਦ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜੇ ਵਿਅਕਤੀ ਕਾਰ ਵਿਚ ਸਵਾਰ ਹੋ ਕੇ ਸਰਹਿੰਦ ਸਾਈਡ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਸਨ। ਜਿਉਂ ਹੀ ਉਨ੍ਹਾਂ ਦੀ ਕਾਰ ਨੈਸ਼ਨਲ ਹਾਈਵੇਅ 'ਤੇ ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਪਹੁੰਚੀ, ਤਾਂ ਕਾਰ ਕਈ ਪਲਟੀਆਂ ਖਾਂਦੀ ਹੋਈ ਸੜਕ ਦੇ ਦੂਜੇ ਪਾਸੇ ਜਾ ਡਿੱਗੀ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਰਹਿੰਦ ਥਾਣੇ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਥਾਣਾ ਸਰਹਿੰਦ ਦੀ ਪੁਲਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
