ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ : ਐਡਵੋਕੇਟ ਧਾਮੀ
Friday, Nov 11, 2022 - 10:35 PM (IST)
ਅੰਮ੍ਰਿਤਸਰ (ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ ਜਾ ਰਹੀ ਵਿਤਕਰੇ ਭਰੀ ਨੀਤੀ ਇਸ ਫ਼ੈਸਲੇ ਨਾਲ ਇਕ ਵਾਰ ਫਿਰ ਉੱਭਰ ਕੇ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਫ਼ਤਰ ਤੋਂ ਜਾਰੀ ਬਿਆਨ ’ਚ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ ਤਿੰਨ-ਤਿੰਨ ਦਹਾਕਿਆਂ ਤੋਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਕੌਮ ਵੱਲੋਂ ਲੰਮੇ ਅਰਸੇ ਤੋਂ ਆਵਾਜ਼ ਉਠਾਈ ਜਾ ਰਹੀ ਹੈ ਪਰ ਸਰਕਾਰਾਂ ਕੰਨ ਬੰਦ ਕਰੀ ਬੈਠੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ SHO ਤੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ’ਚ ਕਤਲ, ਬਲਾਤਕਾਰ ਆਦਿ ਜਿਹੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ’ਤੇ ਸਰਕਾਰਾਂ ਮਿਹਰਬਾਨ ਹੋਈਆਂ ਹਨ। ਦੂਸਰੇ ਪਾਸੇ ਸਿੱਖ ਬੰਦੀਆਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਕ ਸਹਿਮਤੀ ਦੇਣ ਨਾਲ ਸੰਭਵ ਹੋ ਸਕਦੀ ਹੈ ਪਰ ਉਥੋਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ। ਇਸੇ ਤਰ੍ਹਾਂ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਦਾ ਮਾਮਲਾ ਕਰਨਾਟਕਾ ਸਰਕਾਰ ਕੋਲ ਲੰਬਿਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਸਪੱਸ਼ਟ ਹਦਾਇਤ ਦੇ ਬਾਵਜੂਦ ਸਰਕਾਰਾਂ ਟਾਲ-ਮਟੋਲ ਅਤੇ ਵਿਰੋਧ ਵਾਲੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਜੇਕਰ ਰਾਜੀਵ ਗਾਂਧੀ ਕਤਲ ਕੇਸ ’ਚ ਸ਼ਾਮਲ ਦੋਸ਼ੀਆਂ ਦੀ ਰਿਹਾਈ ਲਈ ਤਾਮਿਲਨਾਡੂ ਸੂਬੇ ਦੀ ਸਰਕਾਰ ਸਿਫਾਰਿਸ਼ ਕਰ ਸਕਦੀ ਹੈ ਤਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਕਿਉਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤਾਂ ਸਜ਼ਾਵਾਂ ਪੂਰੀਆਂ ਹੋਣ ਨਾਲ ਵੀ ਜੁੜੀ ਹੋਈ ਹੈ, ਜਦਕਿ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ। ਇਹ ਵਿਤਕਰਾ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਬਾਰੇ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ।
ਜਗਦੀਸ਼ ਟਾਈਟਲਰ ਨੂੰ ਜ਼ਿੰਮੇਵਾਰੀ ਦੇ ਕੇ ਕਾਂਗਰਸ ਨੇ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਸੂਬਾ ਚੋਣ ਕਮੇਟੀ ’ਚ ਸ਼ਾਮਲ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬਾਅਦ ਅਜੇ ਵੀ ਅੱਲ੍ਹੇ ਹਨ ਅਤੇ ਪੀੜਤ ਸਿੱਖ ਪਰਿਵਾਰਾਂ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਕਰ ਰਹੇ ਹਨ। ਦੂਸਰੇ ਪਾਸੇ ਕਾਂਗਰਸ ਜਮਾਤ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜ ਰਹੀ ਹੈ। ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਾਂਗਰਸ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਸਿੱਖ ਕਤਲੇਆਮ ਦੇ ਇਕ ਹੋਰ ਦੋਸ਼ੀ ਕਾਂਗਰਸ ਆਗੂ ਕਮਲਨਾਥ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇਕ ਸਮਾਗਮ ਦੌਰਾਨ ਸਨਮਾਨੇ ਜਾਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੇ ਪ੍ਰਬੰਧਕਾਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਨੂੰ ਸਨਮਾਨ ਦੇ ਕੇ ਠੀਕ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੰਦੌਰ ਵਿਖੇ ਸਮਾਗਮ ਦੌਰਾਨ ਕੀਰਤਨ ਦੀ ਸੇਵਾ ਕਰਨ ਪੁੱਜੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵੱਲੋਂ ਵਿਰੋਧ ਕੀਤੇ ਜਾਣ ਦੇ ਕਦਮ ਦੀ ਸ਼ਲਾਘਾ ਵੀ ਕੀਤੀ। ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਇੰਦੌਰ ਵਿਖੇ ਹੋਏ ਸਮਾਗਮ ਦੇ ਪ੍ਰਬੰਧਕਾਂ ਦੀ ਜਵਾਬਤਲਬੀ ਕਰਨ।