ਮੁਲਾਜ਼ਮਾਂ ਲਈ ਸੁਖਬੀਰ ਸਿੰਘ ਬਾਦਲ ਦੀ ਕੋਈ ਦੇਣ ਨਹੀਂ
Monday, Jul 13, 2020 - 03:46 PM (IST)
ਸੰਗਰੂਰ (ਸਿੰਗਲਾ): ਅਕਾਲੀ ਦਲ (ਬਾਦਲ) ਦੇ ਆਗੂਆਂ ਤੇ ਵਰਕਰਾਂ ਦੇ ਨਾਲ-ਨਾਲ ਅਕਾਲੀ ਦਲ ਨਾਲ ਜੁੜੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਣਾ ਸ਼ੁਰੂ ਕਰ ਦਿੱਤਾ ਹੈ। ਮੁਲਾਜ਼ਮ ਫਰੰਟ ਦੇ ਆਗੂਆਂ ਤੋਂ ਇਲਾਵਾ ਹੁਣ ਅਧਿਆਪਕ ਦਲ ਦੇ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕੀਤਾ। ਅਧਿਆਪਕ ਦਲ ਨਾਭਾ ਦੀ ਸਮੁੱਚੀ ਇਕਾਈ ਨੇ ਪਿਸ਼ੌਰਾ ਸਿੰਘ ਦੀ ਅਗਵਾਈ ਹੇਠ ਅੱਜ ਸੁਖਦੇਵ ਸਿੰਘ ਢੀਂਡਸਾ ਦੇ ਰਿਹਾਇਸ਼ ਵਿਖੇ ਪੁੱਜ ਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਦੀ ਮੌਜੂਦਗੀ 'ਚ ਪੁਰਜੋਰ ਸਮਰਥਣ ਦੇਣ ਦਾ ਐਲਾਨ ਕੀਤਾ। ਅਧਿਆਪਕ ਦਲ ਦੇ ਆਗੂਆਂ 'ਚ ਜਸਪਾਲ ਸਿੰਘ, ਮਾਸਟਰ ਅਮਰੀਕ ਸਿੰਘ, ਭਜਨ ਸਿੰਘ, ਸੁਖਵਿੰਦਰਜੀਤ ਸਿੰਘ, ਦਰਸ਼ਨ ਸਿੰਘ, ਜਗਦੇਵ ਸਿੰਘ, ਅਮ੍ਰਿਤਪਾਲ ਸਿੰਘ, ਮਲਕੀਤ ਸਿੰਘ ਗਾਂਧੀ ਤੇ ਹੋਰ ਅਧਿਆਪਕ ਸ਼ਾਮਲ ਹੋਏ।
ਇਸ ਮੌਕੇ ਅਧਿਆਪਕ ਦਲ ਦੇ ਆਗੂਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਜੋ ਮੁਲਾਜਮ ਜਥੇਬੰਦੀਆਂ ਦੇ ਸਹਿਯੋਗ ਨਾਲ ਮੁਲਾਜ਼ਮਾਂ ਦੇ ਹੱਕ 'ਚ ਨੀਤੀਆਂ ਬਣਾ ਕੇ ਅਕਾਲੀ ਭਾਜਪਾ ਸਰਕਾਰ ਤੋਂ ਪ੍ਰਵਾਨ ਕਰਵਾਈਆਂ ਸਨ। ਮੁਲਾਜ਼ਮ ਢੀਂਡਸਾ ਨੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਣਗੇ। ਅਧਿਆਪਕ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਦੇ ਮੁਲਾਜ਼ਮਾਂ ਦੇ ਹੱਕ 'ਚ ਨਾ ਹੀ ਆਵਾਜ਼ ਚੁੱਕੀ ਤੇ ਨਾ ਹੀ ਅਕਾਲੀ ਭਾਜਪਾ ਸਰਕਾਰ ਵੇਲੇ ਮੁਲਾਜ਼ਮਾਂ ਦੀ ਸੁਣੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਲਈ ਸੁਖਬੀਰ ਸਿੰਘ ਬਾਦਲ ਦੀ ਕੋਈ ਦੇਣ ਨਹੀ ਹੈ। ਇਸ ਕਰਕੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪ੍ਰਵਾਨ ਕਰਨ ਲਈ ਮਨ ਬਣਾਈ ਬੈਠੇ ਹਨ। ਇਸ ਮੌਕੇ ਮੁਲਾਜਮ ਫਰੰਟ ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਚੱਠਾ ਤੇ ਕੇਵਲ ਸਿੰਘ ਸ਼ੇਰੋ, ਮਾਸਟਰ ਰੇਸ਼ਮ ਸਿੰਘ ਤੇ ਹੋਰ ਆਗੂ ਮੌਜੂਦ ਸਨ। ਅਧਿਆਪਕ ਦਲ ਦੇ ਆਗੂਆਂ ਨੇ ਸਾਬਕਾ ਵਿੱਤ ਮੰਤਰੀ ਦਾ ਸਨਮਾਨ ਵੀ ਕੀਤਾ।