ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ ਕੈਪਟਨ : ਰੋਮਾਣਾ
Sunday, Dec 27, 2020 - 02:41 AM (IST)
ਚੰਡੀਗੜ੍ਹ, (ਅਸ਼ਵਨੀ)- ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ’ਤੇ ਪੰਜਾਬ ਪੁਲਸ ਨੂੰ ਭਾਰਤੀ ਜਨਤਾ ਪਾਰਟੀ ਪ੍ਰੋਫੈਕਸ਼ਨ ਫੋਰਸ ਵਿਚ ਤਬਦੀਲ ਕਰ ਦਿੱਤਾ ਹੈ। ਇੱਥੇ ਜਾਰੀ ਬਿਆਨ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਅਮਿਤ ਸ਼ਾਹ ਦੇ ਹੁਕਮਾਂ ’ਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਸਰਗਰਮ ਡਿਊਟੀ ਤੋਂ ਹਟਾ ਕੇ ਭਾਜਪਾ ਆਗੂਆਂ ਦੇ ਘਰਾਂ ਤੇ ਵਪਾਰਕ ਅਦਾਰਿਆਂ ਦੀ ਰਾਖੀ ਦਾ ਕੰਮ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਲਟਕਦੀ ਤਲਵਾਰ ਕਾਰਨ ਕੈ. ਅਮਰਿੰਦਰ ਸਿੰਘ ਨੇ ਭਾਜਪਾ ਦੇ ਏਜੰਟ ਵਜੋਂ ਕੰਮ ਕਰਨ ਦੀ ਚੋਣ ਕੀਤੀ ਅਤੇ ਭੁੱਲ ਗਏ ਕਿ ਉਹ ਪੰਜਾਬ ਤੇ ਪੰਜਾਬੀਆਂ ਦੇ ਰਾਖੇ ਹਨ। ਜੇਕਰ ਉਨ੍ਹਾਂ ਨੇ ਪੰਜਾਬ ਪੁਲਸ ਮੁਲਾਜ਼ਮਾਂ ਨੁੰ ਮੁੜ ਸਰਗਰਮ ਡਿਊਟੀ ’ਤੇ ਤਾਇਨਾਤ ਨਾ ਕੀਤਾ ਤਾਂ ਉਨ੍ਹਾਂ ਨੂੰ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਅੱਜ ਬਠਿੰਡਾ ਦੌਰੇ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਖੁਸ਼ ਕਰਨ ਲਈ ਕਾਂਗਰਸ ਸਰਕਾਰ ਦੇ ਇਸ ਤਰ੍ਹਾਂ ਝੁਕ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਲਸ ਡਿਊਟੀ ਦੀ ਕੀਮਤ ’ਤੇ ਸ਼ਰਮਾ ਦੀ ਸੁਰੱਖਿਆ ਲਈ ਚਾਰ ਜ਼ਿਲਿਆਂ ਦੀ ਪੁਲਸ ਨੂੰ ਚਾਰਜ ਸੌਂਪਿਆ ਗਿਆ। ਇਸ ਚਲਾਕੀ ਭਰੀ ਨੀਤੀ ਦਾ ਅਮਨ ਕਾਨੂੰਨ ਦੀ ਸਥਿਤੀ ’ਤੇ ਮਾੜਾ ਅਸਰ ਪਵੇਗਾ।